Hola Mohalla 2022: The first phase of Hola Mohalla ends, the second phase starts from tomorrow at Sri Anandpur Sahib


Hola Mohalla 2022: ਗੁਰੂ ਨਗਰੀ ਕੀਰਤਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਪਹਿਲਾ ਪੜਾਅ ਅੱਜ ਸਮਾਪਤ ਹੋ ਗਿਆ ਹੈ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਹੁਣ ਕੱਲ੍ਹ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋਵੇਗੀ। ਕੱਲ੍ਹ 17 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਬਾਕੀ ਦੇ ਗੁਰੂ ਘਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰੱਖੇ ਜਾਣਗੇ।


ਇਸ ਦੇ ਨਾਲ ਹੀ ਕੱਲ੍ਹ ਗੁਰਦੁਆਰਾ ਟਿੱਬਾ ਸਾਹਿਬ ਚੱਕ ਹੋਲਗੜ੍ਹ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੰਤਰਰਾਸ਼ਟਰੀ ਦੋ ਰੋਜ਼ਾ ਗੱਤਕਾ ਕੱਪ ਕਰਵਾਇਆ ਜਾਵੇਗਾ।


ਹਾਸਲ ਜਾਣਕਾਰੀ ਮੁਤਾਬਕ ਖ਼ਾਲਸਾਈ ਜਾਹੋ-ਜਲਾਲ ਤੇ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦਾ ਪਹਿਲਾ ਪੜਾਅ ਕੀਰਤਪੁਰ ਸਾਹਿਬ ਵਿਖੇ ਅੱਜ ਸਮਾਪਤ ਹੋ ਗਿਆ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿੱਚ ਰੱਖੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਉਸ ਉਪਰੰਤ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਰਸਤੇ ਨਾਲ ਜੋੜਿਆ।


ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਗਿਆ ਕਿ ਹੋਲਾ ਮਹੱਲਾ ਦੇ ਪਾਵਨ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਗਤਾਂ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਦੇ ਦੂਜੇ ਪੜਾਅ ਦੀ ਆਰੰਭਤਾ ਕੱਲ੍ਹ 17 ਮਾਰਚ ਨੂੰ ਹੋਵੇਗੀ ਤੇ 19 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਬਾਅਦ ਮਹੱਲਾ ਸਜਾਇਆ ਜਾਵੇਗਾ।


ਇਹ ਵੀ ਪੜ੍ਹੋ: Punjab New CM Bhagwant Mann: ਸੀਐਮ ਅਹੁੰਦ ਦੀ ਸਹੁੰ ਚੁੱਕਣ ਤੋਂ ਪਹਿਲਾਂ ਮਾਨ ਦੀ ਸਾਬਕਾ ਪਤਨੀ ਦਾ ਵੱਡਾ ਬਿਆਨ, ਕਿਹਾ 'ਉਨ੍ਹਾਂ ਲਈ ਮੈਂ ਹਮੇਸ਼ਾ ਅਰਦਾਸ ਕਰਦੀ ਹਾਂ'