Holla Mohalla 2022: ਸ੍ਰੀ ਆਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲੇ ਮਹੱਲੇ ਮੌਕੇ ਲੱਖਾਂ ਦੀ ਤਦਾਦ ਵਿੱਚ ਸੰਗਤ ਗੁਰੂ ਘਰਾਂ ਵਿੱਚ ਨਤਮਸਤਕ ਹੋ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹੋਲਾ ਮਹੱਲਾ ਦੇ ਦੂਜੇ ਪੜਾਅ ਦੇ ਪਹਿਲੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।

ਉਧਰ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਆਲੇ-ਦੁਆਲੇ ਇੱਕ ਮਾਸਟਰ ਪਲਾਨ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਚੌਗਿਰਦੇ ਨੂੰ ਖੂਬਸੂਰਤ ਬਣਾਉਣ ਦੇ ਮੰਤਵ ਨਾਲ ਬਹੁ-ਕਰੋੜੀ ਪ੍ਰੋਜੈਕਟ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਟੱਕ ਲਾ ਕੇ ਆਗਾਜ਼ ਕੀਤਾ ਗਿਆl

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸੰਗਤਾਂ ਨੂੰ ਹੋਲੇ ਮਹੱਲੇ ਦੇ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਗਲਿਆਰੇ ਨੂੰ ਹੋਰ ਸੁੰਦਰ ਬਣਾਉਣ ਲਈ ਬਣਾਏ ਮਾਸਟਰ ਪਲਾਨ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂਕੇ ਦੇ ਨਾਲ ਮਿਲ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਦੇ ਨਾਲ ਨਾਲ ਆਲੇ ਦੁਆਲੇ ਨੂੰ ਹੋਰ ਖੂਬਸੂਰਤ ਬਣਾਉਣ ਦੇ ਮੰਤਵ ਨਾਲ ਬਹੁਕਰੋੜੀ ਪ੍ਰੋਜੈਕਟ ਮਾਸਟਰ ਪਲਾਨ ਬਣਾਇਆ ਗਿਆ ਹੈ। ਅੱਜ ਸੰਤਾਂ ਮਹਾਂਪੁਰਖਾਂ ਨਾਲ ਮਿਲ ਕੇ ਇਸ ਪ੍ਰੋਜੈਕਟ ਦੀ ਟੱਕ ਲਾ ਕੇ ਅਰਦਾਸ ਕੀਤੀ ਗਈ।

ਇਸ ਮੌਕੇ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂਕੇ ਦੇ ਨਾਲ ਸਬੰਧਤ ਸੰਪਰਦਾ ਦੇ ਮੁਖੀ ਸਹਿਬਾਨਾਂ ਵੱਲੋਂ ਜਿੱਥੇ ਇਨ੍ਹਾਂ ਪ੍ਰੋਜੈਕਟਾਂ ਦੇ ਸਬੰਧੀ ਜਾਣਕਾਰੀ ਦਿੱਤੀ ਗਈ, ਉੱਥੇ ਹੀ ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਹੜੀ ਸੇਵਾ ਦਿੱਤੀ ਹੈ, ਉਹ ਮਹਾਨ ਸੇਵਾ ਹੈ ਤੇ ਗੁਰੂ ਸਾਹਿਬ ਆਪ ਇਹ ਸੇਵਾ ਉਨ੍ਹਾਂ ਕੋਲੋਂ ਲੈਣਗੇ।