ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥


 



ਪਦਅਰਥ:- ਮਿਲਿ—ਮਿਲ ਕੇ {ਲਫ਼ਜ਼ ‘ਮਿਲਿ’ ਅਤੇ ਅਖ਼ੀਰਲੀ ਤੁਕ ਦੇ ਲਫ਼ਜ਼ ‘ਮਿਲੁ’ ਦਾ ਫ਼ਰਕ ਧਿਆਨ ਨਾਲ ਵੇਖੋ}। ਮਿਲਿ ਪੰਚਹੁ—(ਨਗਰ ਦੇ) ਪੈਂਚਾਂ ਨੂੰ ਮਿਲ ਕੇ। ਸਹਸਾ—(ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਿਮ। ਚੁਕਾਇਆ—ਮੁਕਾਇਆ। ਸਿਕਦਾਰਹੁ—ਸਰਦਾਰਾਂ ਤੋਂ। ਪਤੀਆਇਆ—ਪਤੀਜ ਸਕਿਆ। ਉਮਰਾਵਹੁ ਆਗੈ—ਸਰਕਾਰੀ ਹਾਕਮਾਂ ਦੇ ਸਾਹਮਣੇ। ਝੇਰਾ—ਝਗੜਾ। ਰਾਜਨ ਰਾਮ—ਪ੍ਰਭੂ ਪਾਤਿਸ਼ਾਹ। ਨਿਬੇਰਾ—ਨਿਬੇੜਾ, ਫ਼ੈਸਲਾ।1। ਕਤਹੁ—ਕਿਤੇ ਭੀ। ਭੇਟੇ—ਮਿਲ ਪਏ। ਗੋਸਾਈ—ਧਰਤੀ ਦਾ ਮਾਲਕ। ਰਹਾਉ। ਪੂਕਾਰਾ—(ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ। ਲਬਧਿ—ਜਿਸ ਚੀਜ਼ ਦੇ ਪ੍ਰਾਪਤ ਕਰਨ ਦੀ ਲੋੜ ਸੀ। ਕਤ—ਕਿੱਥੇ? ਤਾ—ਤਦੋਂ।2। ਤਹ—ਉੱਥੇ, ਪ੍ਰਭੂ ਦੇ ਦਰਬਾਰ ਵਿਚ। ਸਾਚ ਨਿਆਇ—ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ। ਸਮ—ਬਰਾਬਰ। ਠਾਕੁਰੁ—ਮਾਲਕ। ਚੇਰਾ—ਨੌਕਰ। ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ।3। ਕੋ—ਦਾ। ਤਹ—ਉੱਥੇ, ‘ਸਰਬ ਥਾਨ ਕੋ ਰਾਜਾ’ ਨਾਲ ਮੇਲ-ਅਵਸਥਾ ਵਿਚ। ਅਨਹਦ—ਇਕ-ਰਸ, ਬਿਨਾ ਵਜਾਏ, ਲਗਾਤਾਰ। ਸਬਦ—ਸਿਫ਼ਤਿ-ਸਾਲਾਹ ਦੀ ਬਾਣੀ। ਅਗਾਜਾ—ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ। ਪਹਿ—ਪਾਸ। ਆਪੁ—ਆਪਾ-ਭਾਵ। ਗਵਾਈ—ਗਵਾ ਕੇ।4।


 



ਅਰਥ:- ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ। ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ)।1। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।2। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।3। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ)। (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ—ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।4।1। 51।


 


ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!