ਲਖਨਊ ਤੋਂ ਕਾਨਪੁਰ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ
ਲਖਨਊ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ ਗਏ। ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਸਥਾਨਕ ਪੁਲਿਸ ਨੇ ਵੀ ਸਲਾਮੀ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ।
ਚੰਡੀਗੜ੍ਹ: ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਖਨਊ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਕਾਨ੍ਹਪੁਰ ਲਈ ਰਵਾਨਾ ਹੋਇਆ। ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜੱਥਿਆਂ ਵੱਲੋਂ ਕੀਤਰਨ ਕੀਤਾ ਗਿਆ।
ਇਸ ਪਿੱਛੋਂ ਭਾਈ ਪ੍ਰਣਾਮ ਸਿੰਘ ਦੁਆਰਾ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਗਿਆ। ਲਖਨਊ ਤੋਂ ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪੇ ਭੇਟ ਕੀਤੇ ਗਏ। ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਸਥਾਨਕ ਪੁਲਿਸ ਨੇ ਵੀ ਸਲਾਮੀ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ।
ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਲਖਨਊ ਪਹੁੰਚਣ ਸਮੇਂ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਾਏ ਗਏ ਸਨ।