ਹਜ਼ੂਰ ਸਾਹਿਬ ਪਹੁੰਚਿਆ ਕੌਮਾਂਤਰੀ ਨਗਰ ਕੀਰਤਨ, ਔਰੰਗਾਬਾਦ ਲਈ ਰਵਾਨਾ
ਏਬੀਪੀ ਸਾਂਝਾ | 19 Sep 2019 05:00 PM (IST)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਿਆ ਹੈ।
ਨਾਂਦੇੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁੱਜਾ। ਇਸ ਤੋਂ ਪਹਿਲਾਂ ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਯਾਤਰਾ ਕਰ ਚੁੱਕਿਆ ਹੈ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਨਗਰ ਕੀਰਤਨ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ਕਰਦਾ ਹੋਇਆ ਸ਼ਤਾਬਦੀ ਸਮਾਗਮਾਂ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 5 ਨਵੰਬਰ ਨੂੰ ਸੰਪੂਰਨ ਹੋਵੇਗਾ। ਇਸੇ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਸਵਾਗਤ ਕਰਨ ਵਾਲਿਆਂ 'ਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ, ਗਿਆਨੀ ਜੋਤਇੰਦਰ ਸਿੰਘ, ਤਖ਼ਤ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਸ਼੍ਰੋਮਣੀ ਕਮੇਟੀ ਦੇ ਮੈਂਬਰ ਰਾਜਿੰਦਰ ਸਿੰਘ ਮਹਿਤਾ ਸਮੇਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰ, ਮੈਂਬਰ ਤੇ ਵੱਡੀ ਗਿਣਤੀ'ਚ ਸੰਗਤਾਂ ਮੌਜੂਦ ਸੀ। ਨਗਰ ਕੀਰਤਨ ਦੇ ਇੱਥੇ ਪੁੱਜਣ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਤੇ ਖ਼ਾਲਸਈ ਜੈਕਾਰਿਆਂ ਨਾਲ ਅਸਮਾਨ ਗੂੰਜ ਉੱਠਿਆ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਥਾਂ ਦੀ ਤਰ੍ਹਾਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਵੀ ਸੰਗਤਾਂ ਦਾ ਇਕੱਠ ਮੌਜੂਦ ਸੀ, ਜਿਸ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਹਰ ਸੂਬੇ 'ਚ ਸੰਗਤਾਂ ਵੱਲੋਂ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਜਾ ਰਹੀ ਹੈ।