ਕਰਤਾਰਪੁਰ ਸਾਹਿਬ ਦਾ ਲਾਂਘਾ ਨਾ ਖੋਲਣ 'ਤੇ ਬੀਬੀ ਜਗੀਰ ਕੌਰ ਦੇ ਨਿਸ਼ਾਨੇ 'ਤੇ ਭਾਰਤ ਸਰਕਾਰ
ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਅਣਦੇਖੀ ਦੀ ਨਿੰਦਾ ਕੀਤੀ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਨਾ ਖੋਲਣ ਦੇ ਮਾਮਲੇ ਵਿਚ ਭਾਰਤ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਆਖਿਆ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਾਕਿਸਤਾਨ ਵਿਚਲੇ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ। ਜੇਕਰ ਸਰਕਾਰ ਇਸ ਸਬੰਧੀ ਸੰਜੀਦਾ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲਣ ਦੀ ਪਹਿਲਕਦਮੀ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਂਵਾਂ ਖੋਲੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕੋਰੋਨਾ ਦਾ ਬਾਹਨਾ ਨਹੀਂ ਰਹਿਣਾ ਚਾਹੀਦਾ।
ਬੀਬੀ ਜਗੀਰ ਕੌਰ ਅੰਮ੍ਰਿਤਸਰ ਦੇ ਕਸਬਾ ਰਮਦਾਸ ’ਚ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦਾ ਉਦਘਾਟਨ ਕਰਨ ਲਈ ਪੁੱਜੇ ਹੋਏ ਸੀ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋੋਲਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।
ਇਸ ਦੌਰਾਨ ਬੀਬੀ ਜਗੀਰ ਕੌਰ ਨੇ ਅਕਾਲੀ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਮੌਜੂਦਾ ਸਰਕਾਰ ਵੱਲੋਂ ਕੀਤੀ ਜਾ ਰਹੀ ਅਣਦੇਖੀ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਯਾਦਗਾਰਾਂ ਵਿਖੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਉਣ ਲਈ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਯਾਦਗਾਰਾਂ ਸਥਾਪਤ ਕਰਕੇ ਵਿਰਸੇ ਦੀ ਜਾਣਕਾਰੀ ਨਵੀਂ ਪੀੜੀ ਤੱਕ ਪਹੁੰਚਾਉਣ ਦਾ ਵਧੀਆ ਯਤਨ ਕੀਤਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਯਾਦਗਾਰਾਂ ਦੇ ਰੱਖ-ਰਖਾਵ ਲਈ ਸੰਜੀਦਾ ਯਤਨ ਨਹੀਂ ਕੀਤੇ ਜਾ ਰਹੇ।
ਬੀਬੀ ਜਗੀਰ ਕੌਰ ਨੇ ਇੱਕ ਸਵਾਲ ਦੇ ਜਵਾਬ 'ਚ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੂੜ ਪ੍ਰਚਾਰ ਨੂੰ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਪੰਜਾਬ ਦਾ ਸ਼ਾਂਤਮਈ ਮਾਹੌਲ ਨੂੰ ਜਾਣਬੁਝ ਕੇ ਖ਼ਰਾਬ ਕਰਨਾ ਚਾਹੁੰਦੇ ਹਨ ਅਤੇ ਭਾਈਚਾਰਕ ਸਾਂਝ ਨੂੰ ਤਾਰ-ਤਾਰ ਕਰਨ ਦੀ ਤਾਕ ਵਿਚ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਅਜਿਹੇ ਲੋਕਾਂ ਨੂੰ ਨੱਥ ਪਾ ਕੇ ਰਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ।
ਇਹ ਵੀ ਪੜ੍ਹੋ: ਦੁਬਈ ਵਿਚ ਟੈਕਸੀ ਚਲਾਉਣ ਵਾਲੇ ਭਾਰਤੀ ਦੀ ਖੁੱਲ੍ਹੀ ਕਿਸਮਤ, ਜਿੱਤੀ 40 ਕਰੋੜ ਦੀ ਲਾਟਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904