Prakash Purab of Shri Guru Harkrishna Ji : ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਹਰ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬਾਹਰ ਬੰਦੀ ਸਿੰਘਾਂ ਦੀਆਂ ਤਸਵੀਰਾਂ ਦੇ ਸਾਹਿਤ (ਹਿੰਦੀ ਪੰਜਾਬੀ ਅੰਗਰੇਜ਼ੀ) ਵਿੱਚ ਫਲੈਕਸ ਬੋਰਡ ਲਗਾਏ ਜਾਣ।
ਉਨ੍ਹਾਂ ਕਿਹਾ ਕਿ ਸਾਰੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਦਾ ਵੇਰਵਾ ਲਿਖਿਆ ਜਾਵੇ ਕਿ ਉਹ ਕਿੰਨੇ ਸਮੇਂ ਤੋਂ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਦ ਹਨ ਤੇ ਕਿਹੜੀ ਸਰਕਾਰ ਹੈ ਜੋ ਰਿਹਾਅ ਨਹੀਂ ਕਰ ਰਹੀ ਤਾਂ ਜੋ ਹਰ ਕਿਸੇ ਤਕ ਇਹ ਅਵਾਜ਼ ਪਹੁੰਚਾਈ ਜਾਵੇ। ਸ਼ਹੀਦੀ ਜੋੜ ਮੇਲਿਆਂ ਵਿੱਚ ਲੱਖਾਂ ਦੇ ਇਕੱਠ ਦੌਰਾਨ, ਦਿੱਲੀ ਦੀਆਂ ਸੜਕਾਂ 'ਤੇ ਛੋਟੇ ਬੱਚਿਆਂ ਦੇ ਹੱਥਾਂ ਵਿੱਚ ਬੰਦੀ ਸਿੰਘਾਂ ਦੀਆਂ ਤਖ਼ਤੀਆਂ ਫੜਾਂ ਕੇ ਦੁਨੀਆਂ ਨੂੰ ਦੱਸਿਆ ਜਾਵੇ ਕਿ ਸਾਡੇ ਨਾਲ ਕੀ ਹੋ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਆਗੂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਦਰਵਾਜ਼ੇ ’ਤੇ ਵਰ੍ਹਦੇ ਮੀਂਹ ਦੇ ਵਿੱਚ ਜਾ ਕੇ ਖੜ੍ਹੇ ਰਹੇ ਪਰ ਕੇਜਰੀਵਾਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੋਈ ਸੁਹਿਰਦਤਾ ਨਾ ਦਿਖਾਉਂਦਿਆਂ ਧਾਰਮਿਕ ਸੰਸਥਾ ਦੇ ਮੁਖੀ ਤੇ ਆਗੂ ਸਾਹਿਬਾਨ ਨੂੰ ਮਿਲਣ ਦਾ ਸਮਾਂ ਤਕ ਨਹੀਂ ਦਿੱਤਾ ਗਿਆ।
ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਰਾਜਨੀਤਕ ਆਗੂਆਂ ਦੇ ਦਰਵਾਜ਼ਿਆਂ ’ਤੇ ਜਾਣ ਤੋਂ ਰੋਕਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਬੇਹੱਦ ਗੰਭੀਰ ਮੁੱਦੇ ’ਤੇ ਕੋਈ ਗੰਭੀਰਤਾ ਦਿਖਾਈ ਨਹੀਂ ਦੇ ਰਹੀ।
ਅੱਜ ਅੱਠਵੇਂ ਗੁਰੂ ਬਾਲਾ ਪ੍ਰੀਤਮ ਸਾਹਿਬ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ।