ਅੰਮ੍ਰਿਤਸਰ: ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਅਪਣਾਏ ਗਏ ਨਾਂਹ-ਪੱਖੀ ਰਵੱਈਏ ਦੀ ਕਰੜੀ ਅਲੋਚਨਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਪਟਨ ਨੇ ਆਪਣੇ ਬਿਆਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਰਾਹ ਵਿੱਚ ਰੋੜਾ ਬਣਨ ਲਈ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ, ਜਿਸ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।
ਉਨ੍ਹਾਂ ਆਖਿਆ ਕਿ ਸਿੱਖਾਂ ਸਮੇਤ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵਿਛੜੇ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਅਰਸੇ ਤੋਂ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਦੇ ਫਲਸਰੂਪ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਸਕਿਆ ਹੈ ਪਰ ਮੁੱਖ ਮੰਤਰੀ ਵੱਲੋਂ ਲਾਂਘੇ ਨੂੰ ਲੈ ਕੇ ਜਿਸ ਪੱਧਰ ਦੀ ਬਿਆਨਬਾਜ਼ੀ ਕੀਤੀ ਗਈ ਹੈ, ਉਹ ਠੀਕ ਨਹੀਂ।
ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਇਕ ਜ਼ੁੰਮੇਵਾਰ ਵਿਅਕਤੀ ਹਨ ਤੇ ਉਨ੍ਹਾਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ, ਜੋ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਜ਼ਖ਼ਮੀ ਕਰਨ ਵਾਲੀ ਹੋਵੇ। ਇਸ ਦੌਰਾਨ ਬੇਦੀ ਨੇ ਕਿਹਾ ਕਿ ਇੱਕ ਪਾਸੇ ਸਮੁੱਚਾ ਸਿੱਖ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਤਿਆਰੀਆਂ ਕਰ ਰਿਹਾ ਹੈ, ਜਦਕਿ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਵੱਲੋਂ ਪ੍ਰਕਾਸ਼ ਪੁਰਬ ਦੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਰੋਕਣ ਲਈ ਅੜਿੱਕੇ ਪੈਦਾ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਨੂੰ ਲੈ ਕੇ ਬੇਹੱਦ ਉਤਸ਼ਾਹਤ ਹਨ, ਜਦਕਿ ਉਨ੍ਹਾਂ ਦਾ ਬਿਆਨ ਸੰਗਤ ਦੀਆਂ ਖ਼ੁਸ਼ੀਆਂ ਨੂੰ ਤਾਰ-ਤਾਰ ਕਰਨ ਵਾਲਾ ਹੈ।