ਚੰਡੀਗੜ੍ਹ: ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਹੁਣ ਸਭ ਦੀਆਂ ਨਜ਼ਰਾਂ ਕੇਂਦਰ ਸਰਕਾਰ ਵੱਲ ਹਨ। ਪਾਕਿਸਤਾਨ ਦੀ ਪੇਸ਼ਕਸ਼ ਦਾ ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਜੇਕਰ ਸਮਾਜਿਕ ਵਿੱਥ ਯਕੀਨੀ ਬਣਾ ਕੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਇਸ ਵਿੱਚ ਕੋਈ ਹਰਜ਼ ਨਹੀਂ।

ਕੈਪਟਨ ਨੇ ਕਿਹਾ ਕਿ ਕੋਰੋਨਾ ਦੀ ਲਾਗ ਪਾਕਿਸਤਾਨ ਵਿੱਚ ਤੇਜ਼ੀ ਨਾਲ ਫੈਲ ਰਹੀ ਹੈ। ਜੇ ਸਰੀਰਕ ਦੂਰੀਆਂ ਦਾ ਧਿਆਨ ਰੱਖਿਆ ਜਾਵੇ ਤਾਂ ਪੰਜਾਬ ਸਰਕਾਰ ਇਸ ਨੂੰ ਖੋਲ੍ਹਣ ਲਈ ਸਹਿਮਤ ਹੈ। ਹਾਲਾਂਕਿ ਇਸ ਬਾਰੇ ਫੈਸਲਾ ਕੇਂਦਰ ਸਰਕਾਰ ਨੂੰ ਲੈਣਾ ਪਏਗਾ। ਦੱਸ ਦਈਏ ਕਿ ਕੇਂਦਰ ਸਰਕਾਰ ਨੇ ਪਾਕਿਸਤਾਨ ਦੀ ਪੇਸ਼ਕਸ਼ ਬਾਰੇ ਕਿਹਾ ਸੀ ਕਿ ਵਿਚਾਰ ਕਰਨ ਮਗਰੋਂ ਕੋਈ ਫੈਸਲਾ ਲਿਆ ਜਾਵੇਗਾ।

ਉਧਰ, ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਗੁਰਦਵਾਰਾ ਸੰਗਤਾਂ ਲਈ ਖੋਲ੍ਹਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਪਾਕਿਸਤਾਨ ਵੱਲੋਂ ਅੱਜ ਤੋਂ ਕਰਤਾਰਪੁਰ ਸਾਹਿਬ ਗੁਰਦਵਾਰਾ ਸੰਗਤਾਂ ਦੇ ਦਰਸ਼ਨਾਂ ਲਈ ਖੋਲ੍ਹ ਦੇ ਐਲਾਨ ਨਾਲ ਸਿੱਖਾਂ ਵਿੱਚ ਖੁਸ਼ੀ ਹੈ। ਸ਼੍ਰੋਮਣੀ ਕਮੇਟੀ ਵੀ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸਿੱਖ ਸੰਸਥਾਵਾਂ ਦੀ ਇਹ ਇੱਛਾ ਸੀ ਕਿ ਕੋਰੋਨਾ ਤੋਂ ਬਾਅਦ ਜਿਸ ਤਰ੍ਹਾਂ ਬਾਕੀ ਧਾਰਮਿਕ ਸਥਾਨ ਖੋਲ੍ਹੇ ਗਏ ਤਾਂ ਕਰਤਾਰਪੁਰ ਸਾਹਿਬ ਵੀ ਸੰਗਤਾਂ ਲਈ ਖੁੱਲ੍ਹਣਾ ਚਾਹੀਦਾ ਹੈ। ਅੱਜ ਤੋਂ ਗੁਰਦਵਾਰਾ ਸਾਹਿਬ ਖੁੱਲ੍ਹਣ ਤੇ ਅਸੀਂ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਉੱਥੇ ਦਰਸ਼ਨ ਕਰਨ ਜਾਣਾ ਦੋਨਾਂ ਦੇਸ਼ਾਂ ਦੀ ਕੌਮਾਂਤਰੀ ਸਰਹੱਦਾਂ ਨਾਲ ਸਬੰਧਤ ਹੋਣ ਕਰਕੇ ਆਖ਼ਰੀ ਫੈਸਲਾ ਭਾਰਤ ਸਰਕਾਰ ਨੇ ਕਰਨਾ ਹੈ। ਭਾਰਤ ਸਰਕਾਰ ਜੋ ਵੀ ਫੈਸਲਾ ਲਵੇਗੀ, ਸਾਰਿਆਂ ਨੂੰ ਉਹ ਮੰਨਣਾ ਚਾਹੀਦਾ ਹੈ।