ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨। ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।
 


ਅਰਥ: ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ ॥੧॥ (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ ? ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ ॥੧॥ ਰਹਾਉ ॥ ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ। ਹੇ ਨਾਨਕ ਜੀ! (ਆਖੋ-) ਅਸੀਂ ਤੇਰੇ ਘਰ ਦੇ ਗ਼ੁਲਾਮ ਹਾਂ ॥੩॥੧੨॥