ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-1-2023)
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-1-2023)
ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਪਦ ਅਰਥ: ਮੈ ਮਨਿ = ਮੇਰੇ ਮਨ ਵਿਚ। ਘਣਾ = ਬਹੁਤ। ਸਾਚਿ = ਸਦਾ-ਥਿਰ ਹਰਿ-ਨਾਮ ਵਿਚ (ਟਿਕ ਕੇ)। ਵਿਗਾਸੀ = ਮੈਂ ਖਿੜ ਰਹੀ ਹਾਂ, ਮੇਰਾ ਮਨ ਖਿੜਿਆ ਰਹਿੰਦਾ ਹੈ। ਪਿਰੇ = ਪਿਰਿ, ਪਿਰ ਨੇ। ਪ੍ਰਭਿ = ਪ੍ਰਭੂ ਨੇ।ਅਵਿਗਤੋ = {अव्यतत्र्} ਅਦ੍ਰਿਸ਼ਟ। ਨਾਥੁ ਨਾਥਹ = ਨਾਥਾਂ ਦਾ ਨਾਥ। ਤਿਸੈ = ਉਸ (ਪ੍ਰਭੂ) ਨੂੰ ਹੀ। ਥੀਐ = ਹੁੰਦਾ ਹੈ।
ਜੀਐ = ਜਿੰਦ ਦੇਣ ਵਾਲਾ। ਅਵਰੁ = ਹੋਰ। ਗਿਆਨੁ = ਧਰਮ = ਚਰਚਾ। ਧਿਆਨੁ = ਸਮਾਧੀ ਆਦਿਕ ਦਾ ਉੱਦਮ। ਭਵਨੀ = ਤੀਰਥ-ਜਾਤ੍ਰਾ। ਹਠੁ = ਹਠ (ਦੇ ਆਸਰੇ ਕੀਤੇ) ਯੋਗ-ਆਸਣ। ਸਚੁ = ਸਦਾ-ਥਿਰ ਰਹਿਣ ਵਾਲਾ ਪਰਮਾਤਮਾ ॥੧॥
ਭਿੰਨੜੀ = (ਹਰਿ-ਨਾਮ ਦੇ ਰਸ ਨਾਲ) ਭਿੱਜੀ ਹੋਈ (ਜੀਵ-ਇਸਤ੍ਰੀ) ਨੂੰ। ਰੈਣਿ = ਰਾਤ। ਸੁਹਾਏ = ਸੁਹਾਵਣੇ, ਸੁਖ ਦੇਣ ਵਾਲੇ।
ਨਿਜ ਘਰਿ = ਆਪਣੇ ਘਰ ਵਿਚ, ਆਪਣੇ ਆਪ ਵਿਚ। ਸੂਤੜੀਏ = ਸੁੱਤੀ ਜੀਵ-ਇਸਤ੍ਰੀਏ! ਹਰਿ-ਨਾਮ ਵਲੋਂ ਬੇ-ਪਰਵਾਹ ਹੋ ਰਹੀ ਜੀਵ-ਇਸਤ੍ਰੀਏ! ਪਿਰਮੁ = ਪ੍ਰਭੂ ਦਾ ਪ੍ਰੁੇਮ। ਜਗਾਏ = (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ।
ਹਾਣਿ = (हायन) ਸਾਲ, ਵਰ੍ਹਾ। ਨਵ ਹਾਣਿ = ਨਵੀਂ ਉਮਰ ਵਾਲੀ, ਵਿਕਾਰਾਂ ਤੋਂ ਬਚੀ ਹੋਈ। ਧਨ = ਜੀਵ-ਇਸਤ੍ਰੀ। ਨਵ = ਨਵੀਂ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਜਾਗੀ = (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ। ਪਿਰ ਭਾਣੀਆ = ਪ੍ਰਭੂ ਨੂੰ ਪਿਆਰੀ ਲੱਗਦੀ ਹੈ।
ਤਜਿ = ਤਿਆਗ ਕੇ। ਕੂੜੁ = ਝੂਠ, ਨਾਸਵੰਤ ਪਦਾਰਥਾਂ ਦਾ ਮੋਹ। ਸੁਭਾਉ ਦੂਜਾ = ਪ੍ਰਭੂ ਨੂੰ ਛੱਡ ਕੇ ਹੋਰ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ। ਲੋਕਾਣੀਆ = ਲੋਕਾਂ ਦੀ। ਚਾਕਰੀ = ਖ਼ੁਸ਼ਾਮਦ, ਮੁਥਾਜੀ।
ਕੰਠੇ = ਗਲੇ ਵਿਚ। ਸਾਚ ਸਬਦੁ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ। ਨੀਸਾਣਿਆ = ਪਰਵਾਨਾ, ਰਾਹਦਾਰੀ, ਜ਼ਿੰਦਗੀ ਦੀ ਅਗਵਾਈ ਕਰਨ ਵਾਲਾ ਪਰਵਾਨਾ।
ਅਰਥ: ਹੇ ਸਹੇਲੀਏ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ।
ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ।
ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।
ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।
ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ।
ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ॥੧॥
ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ।
ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ।
ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ ਅਤੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।
ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ (ਪ੍ਰਭੂ-ਪਤੀ ਨੂੰ ਪਿਆਰ ਕਰਦੀ ਹੈ)।
ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ।
ਗੁਰੂ ਨਾਨਕ ਜੀ ਕਹਿੰਦੇ ਹਨ, ਕਿ, ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ॥੨॥