Guru Gobind Singh Jayanti 2022 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਗੁਰੂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪੁਰਾਣੇ ਭਾਸ਼ਨਾਂ ਵਿੱਚੋਂ ਇੱਕ ਦਾ ਵੀਡੀਓ ਸਾਂਝਾ ਕੀਤਾ।


ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਉਨ੍ਹਾਂ ਨੂੰ ਨਮਨ ਕਰਦਾ ਹਾਂ ਤੇ ਮਾਨਵਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਬੇਮਿਸਾਲ ਸਾਹਸ ਆਉਣ ਵਾਲੇ ਸਾਲਾਂ ਵਿੱਚ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ 'ਤੇ ਨਮਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਮਨੁੱਖੀ ਸੱਭਿਅਤਾ ਲਈ ਅਨਮੋਲ ਮਾਰਗ ਹੈ।


 



ਦੱਸ ਦਈਏ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਸੰਗਤਾਂ ਸਵੇਰ ਤੋਂ ਹੀ ਗੁਰੂਘਰਾਂ ਵਿੱਚ ਪਹੁੰਚ ਕੇ ਮੱਥਾ ਟੇਕ ਰਹੀਆਂ ਹਨ। ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੇਹੱਦ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। 


ਅੰਮ੍ਰਿਤਸਰ ਤੋਂ ਹਾਸਲ ਰਿਪੋਰਟ ਮੁਤਾਬਕ ਅੱਜ ਭਾਰੀ ਠੰਢ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਜੀ ਵਿਖੇ ਸੁੰਦਰ ਜਲੌਅ ਸਜਾਏ ਗਏ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।