ਚੰਡੀਗੜ੍ਹ: ਸਰਬੱਤ ਖਾਲਸਾ ਵੱਲੋਂ ਥਾਪੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਨੇ ਪੰਥਕ ਮਸਲਿਆਂ ਨੂੰ ਲੈ ਕੇ ਸੰਘਰਸ਼ ਬਾਰੇ ਰਣਨੀਤੀ ਬਣਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਬਣਾਈ ਹੈ। ਇਸ ਕਮੇਟੀ ਨੇ ਬਰਗਾੜੀ ਮੋਰਚੇ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਤੇ ਭਵਿੱਖ ਦੀ ਰਣਨੀਤੀ ਉਲੀਕਣ ਵਾਸਤੇ ਪੰਥਕ ਜਥੇਬੰਦੀਆਂ ਦਾ ਇਕੱਠ ਬੁਲਾ ਲਿਆ ਹੈ।
ਜਥੇਦਾਰ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਜਨਵਰੀ ਨੂੰ ਤਿਹਾੜ ਜੇਲ੍ਹ ਵਿੱਚ ਹਵਾਰਾ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਪੱਤਰ ਜਾਰੀ ਕੀਤਾ ਗਿਆ ਜਿਸ ਅਨੁਸਾਰ ਇਸ ਕਮੇਟੀ ਵਿੱਚ ਸੀਨੀਅਰ ਵਕੀਲ ਅਮਰ ਸਿੰਘ ਚਾਹਲ, ਨਰਾਇਣ ਸਿੰਘ ਚੌੜਾ, ਪ੍ਰੋਫੈਸਰ ਬਲਜਿੰਦਰ ਸਿੰਘ ਅੰਮ੍ਰਿਤਸਰ, ਜਸਪਾਲ ਸਿੰਘ ਹੇਰਾਂ ਤੇ ਸੰਤੋਖ ਸਿੰਘ ਦਾਬਾਵਾਲਾ ਲੁਧਿਆਣਾ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਨੇ ਬਰਗਾੜੀ ਮੋਰਚੇ ਦੀ ਸਮਾਪਤੀ ਉਪਰੰਤ ਸਿੱਖ ਸੰਗਤਾਂ ਵਿੱਚ ਫੈਲੀ ਨਿਰਾਸ਼ਾ ਤੇ ਮੁਤਵਾਜ਼ੀ ਜਥੇਦਾਰਾਂ ਵਿੱਚ ਪੈਦਾ ਹੋਏ ਵਿਵਾਦ ਨੂੰ ਹੱਲ ਕਰਨ ਵਾਸਤੇ ਇਹ ਕਮੇਟੀ ਗਠਿਤ ਕੀਤੀ ਹੈ।
ਇਸ ਸਮੇਂ ਸੀਨੀਅਰ ਵਕੀਲ ਅਮਰ ਸਿੰਘ ਚਾਹਲ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਨੇ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਬਰਗਾੜੀ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ ਅਗਲੀ ਰਣਨੀਤੀ ਉਲੀਕਣ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਸੰਪਰਦਾਵਾਂ ਤੇ ਪੰਥਕ ਧਿਰਾਂ ਦੇ ਨੁਮਾਇੰਦਿਆਂ ਦਾ ਪੰਥਕ ਇਕੱਠ 27 ਜਨਵਰੀ ਨੂੰ ਗੁਰਦੁਆਰਾ ਸਾਹਿਬ ਸ਼ਾਹਪੁਰ, ਸੈਕਟਰ 38 ਬੀ, ਚੰਡੀਗੜ੍ਹ ਵਿੱਚ ਬੁਲਾਇਆ ਹੈ।