ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨੀ ਸਿੱਖਾਂ ਵੱਲ਼ੋਂ ਆਵਾਜ਼ ਬੁਲੰਦ
ਏਬੀਪੀ ਸਾਂਝਾ | 20 Sep 2018 01:49 PM (IST)
ਕਰਾਚੀ: ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਹਿਬ ਦੇ ਦਰਸ਼ਨਾਂ ਲਈ ਭਾਰਤ-ਪਾਕਿ ਸਰਹੱਦ ਖੋਲ੍ਹਣ ਲਈ ਪਾਕਿਸਤਾਨ ਦੇ ਸਿੱਖਾਂ ਨੇ ਵੀ ਆਵਾਜ਼ ਬੁਲੰਦ ਕੀਤੀ ਹੈ। ਪਾਕਿਸਤਾਨ ਵਿੱਚ ਵੱਸਦੇ ਸਿੱਖਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਸਰਹੱਦ ਨੂੰ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਵਿਚਲੇ ਸਿੱਖ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਸੌਖ ਨਾਲ ਦਰਸ਼ਨ ਕਰ ਸਕਣ। ਕਰਤਾਰਪੁਰ ਸਾਹਿਬ ਗੁਰਦੁਆਰਾ ਭਾਰਤ ਵਿੱਚ ਸਥਿਤ ਡੇਰਾ ਬਾਬਾ ਨਾਨਕ ਤੋਂ ਸਿਰਫ ਸਾਢੇ ਚਾਰ ਕਿਲੋਮੀਟਰ ਦੂਰ ਹੈ। ਲੋਕ ਰੋਜ਼ਾਨਾ ਦੂਰਬੀਨ ਦੀ ਸਹਾਇਤਾ ਨਾਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਦੇ ਹਨ। ਪਾਕਿਸਤਾਨ ਸਿੱਖ ਕੌਂਸਲ ਦੇ ਆਗੂ ਸਰਦਾਰ ਰਮੇਸ਼ ਸਿੰਘ ਖਾਲਸਾ ਨੇ ਕਿਹਾ ਕਿ ਜੇ ਸਰਹੱਦ ਖੁੱਲ੍ਹ ਜਾਂਦੀ ਹੈ ਤਾਂ ਭਾਰਤ ਵਿਚਲੇ ਸਿੱਖਾਂ ਨੂੰ ਡੇਰਾ ਬਾਬਾ ਨਾਨਕ ਰਾਹੀਂ ਕਰਤਾਰਪੁਰ ਸਥਿਤ ਗੁਰਦੁਆਰੇ ਦੇ ਦਰਸ਼ਨ ਕਰਨ ਵਿੱਚ ਸੌਖ ਹੋ ਜਾਵੇਗੀ। ‘ਦ ਐਕਸਪ੍ਰੈੱਸ ਟ੍ਰਿਬਿਊਨ’ ਅਨੁਸਾਰ ਖਾਲਸਾ ਨੇ ਕਿਹਾ ਕਿ ਕਰਤਾਰਪੁਰ ਸਰਹੱਦ ਖੋਲ੍ਹਣ ਦੀ ਸਿੱਖ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ। ਉਨ੍ਹਾਂ ਨੇ ਇਮਰਾਨ ਖਾਨ ਦੀ ਅਗਵਾਈ ਵਿੱਚ ਪਾਕਿਸਤਾਨ ‘ਚ ਬਣੀ ਨਵੀਂ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਲਈ ਸਰਹੱਦ ਖੋਲ੍ਹਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਸਰਕਾਰ ਦੇ ਇਸ ਨੇਕ ਕਾਰਜ ਦਾ ਸਵਾਗਤ ਕਰਦਾ ਹੈ।