Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਈ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਿੱਤਰ ਸਰੂਪਾਂ, ਫਿਲਮਾਂ ਅਤੇ ਜਿੱਥੇ ਗੁਰਦੁਆਰਾ ਸਾਹਿਬ ਨਹੀਂ ਹਨ, ਉੱਥੇ ਅਨੰਦ ਕਾਰਜ ਕਰਵਾਉਣ ਨਾਲ ਜੁੜੇ ਮਾਮਲਿਆਂ 'ਤੇ ਕਈ ਫੈਸਲੇ ਲਏ ਗਏ। ਮੀਟਿੰਗ ਦੀ ਪ੍ਰਧਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Kuldeep Singh Gargaj) ਨੇ ਕੀਤੀ।

Continues below advertisement

ਮੀਟਿੰਗ ਵਿੱਚ ਕਿਹਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਚੁਣੀ ਹੋਈ, ਸੰਵਿਧਾਨਕ ਅਤੇ ਧਾਰਮਿਕ ਸੰਸਥਾ ਹੈ, ਅਤੇ ਕਿਸੇ ਵੀ ਸਰਕਾਰ ਨੂੰ ਸਿੱਖ ਧਰਮ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ। ਪੰਜ ਸਿੰਘ ਸਾਹਿਬਾਨ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲਅੰਦਾਜ਼ੀ ਬੰਦ ਨਾ ਕੀਤੀ ਗਈ ਤਾਂ ਧਾਰਮਿਕ ਪਰੰਪਰਾਵਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Continues below advertisement

328 ਪਵਿੱਤਰ ਸਰੂਪਾਂ ਦੇ ਮੁੱਦੇ ਨੂੰ ਲੈਕੇ ਸਿੰਘ ਸਾਹਿਬਾਨਾਂ ਨੇ ਸਪੱਸ਼ਟ ਕੀਤਾ ਕਿ ਇਹ ਮਾਮਲਾ ਸਰਕਾਰ ਜਾਂ ਪੁਲਿਸ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਸਰਕਾਰ ਜਾਂ ਪੁਲਿਸ, ਕਿਸੇ ਵਲੋਂ ਵੀ ਕੀਤਾ ਗਿਆ ਸਹਿਯੋਗ ਧਾਰਮਿਕ ਭਾਈਚਾਰੇ ਦੇ ਹਿੱਤ ਵਿੱਚ ਨਹੀਂ ਹੈ।

ਪੰਜ ਸਿੰਘ ਸਾਹਿਬਾਨ ਨੇ ਇਹ ਵੀ ਦੁਹਰਾਇਆ ਕਿ ਮੈਰਿਜ ਪੈਲੇਸਾਂ, ਰਿਜ਼ੋਰਟਾਂ, ਬੀਚ, ਫਾਰਮ ਹਾਊਸਾਂ ਜਾਂ ਹੋਰ ਵਪਾਰਕ ਸਥਾਨਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਅਨੰਦ ਕਾਰਜ ਕਰਵਾਉਣ ਦੀ ਸਖ਼ਤ ਮਨਾਹੀ ਹੈ। ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਮਾਂ ਅਤੇ ਡਿਜੀਟਲ ਕੰਟੈਂਟ ਨੂੰ ਲੈਕੇ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ।

ਸਿੰਘ ਸਾਹਿਬਾਨ ਨੇ ਸਪੱਸ਼ਟ ਕੀਤਾ ਕਿ ਸਿੱਖ ਮਹਾਂਪੁਰਖਾਂ, ਸ਼ਹੀਦਾਂ, ਸਿੱਖ ਇਤਿਹਾਸ ਅਤੇ ਸਿੱਖ ਰਸਮਾਂ ਨੂੰ ਦਰਸਾਉਂਦੀਆਂ ਫਿਲਮਾਂ, ਐਨੀਮੇਸ਼ਨ ਜਾਂ ਏਆਈ ਵੀਡੀਓ ਬਣਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਹੁਕਮ ਵੱਡੇ ਫਿਲਮ ਨਿਰਮਾਤਾਵਾਂ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਉਨ੍ਹਾਂ ਨੂੰ ਬਿਨਾਂ ਇਜਾਜ਼ਤ ਦੇ ਸਿੱਖ ਇਤਿਹਾਸ 'ਤੇ ਕੋਈ ਵੀ ਫਿਲਮ ਨਾ ਬਣਾਉਣ ਦੀ ਹਦਾਇਤ ਕੀਤੀ ਗਈ ਹੈ।