7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪੰਥਕ ਰੋਸ ਮਾਰਚ ਅਯੋਜਤ ਕੀਤੇ ਜਾ ਰਹੇ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਪਿਛਲੇ ਦਿਨੀਂ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਸਬੰਧੀ ਸੰਗਤਾਂ ਨੂੰ ਸੁਚੇਤ ਕਰਨ ਲਈ 7 ਅਕਤੂਬਰ 2022 ਨੂੰ ਪੰਥਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ।
ਇਸ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪੰਥਕ ਰੋਸ ਮਾਰਚ ਅਯੋਜਤ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਿਛਲੇ ਦਿਨੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਦੀ ਜਨਰਲ ਇਕੱਤਰਤਾ ਹੋਈ ਸੀ, ਜਿਸ ਵਿਚ ਕੀਤੇ ਗਏ ਫੈਸਲੇ ਅਨੁਸਾਰ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕਿਆਂ ਤੋਂ ਸੰਗਤ ਨੂੰ ਸੁਚੇਤ ਕਰਵਾਉਣ ਲਈ ਇਹ ਪੰਥਕ ਰੋਸ ਮਾਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਰੋਸ ਮਾਰਚਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ।
ਉਨ੍ਹਾ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋ ਚੱਲਣ ਵਾਲਾ ਰੋਸ ਮਾਰਚ ਪੋਜੇਵਾਲ, ਗੜਸ਼ੰਕਰ, ਨਵਾਂਸ਼ਹਿਰ ਬਾਈਪਾਸ, ਬੰਗਾ, ਫਗਵਾੜਾ, ਜਲੰਧਰ, ਕਰਤਾਰਪੁਰ, ਸੁਭਾਨਪੁਰ, ਬਿਆਸ ਤੋਂ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਤੋਂ ਚਲਣ ਵਾਲਾ ਮਾਰਚ ਰਾਜਪੁਰਾ, ਫਹਿਤਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਲੁਧਿਆਣਾ ਫਗਵਾੜਾ, ਜਲੰਧਰ ਰਾਹੀਂ ਹੁੰਦਾ ਹੋਇਆ ਅੰਮ੍ਰਿਤਸਰ ਆਏਗਾ।
ਤੀਜਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤੋਂ ਸ਼ੁਰੂ ਹੋਵੇਗਾ ਜੋ ਬਠਿੰਡਾ, ਬਾਜਾਖਾਨਾ, ਬਰਗਾੜੀ, ਕੋਟਕਪੂਰਾ ਬਾਈਪਾਸ, ਜੀਰਾ, ਹਰੀਕੇ, ਤਰਨਤਾਰਨ ਹੁੰਦਾ ਹੋਇਆ ਅੰਮ੍ਰਿਤਸਰ ਪਹੁੰਚੇਗਾ। ਉਨ੍ਹਾ ਦੱਸਿਆ ਕਿ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਪਹੁੰਚਣ ਤੇ ਗੋਲਡਨ ਗੇਟ ਵਿਖੇ ਇਕੱਠੇ ਹੋਣਗੇ, ਜਿਥੋਂ ਸਮੁੱਚੇ ਰੂਪ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਕਰਨਗੀਆਂ। ਉਨ੍ਹਾ ਸੰਗਤਾਂ ਨੂੰ ਰੋਸ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।