ਅੰਮ੍ਰਿਤਸਰ: ਭਾਈ ਲਛਮਣ ਸਿੰਘ ਧਾਰੋਵਾਲੀ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਭਾਈ ਲਛਮਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਨੂੰ ਮਹੰਤ ਨਰਾਇਣ ਦਾਸ ਅਤੇ ਉਸ ਦੇ ਗੁੰਡਿਆਂ ਪਾਸੋਂ ਅਜ਼ਾਦ ਕਰਵਾਉਣ ਲਈ 100 ਸਾਲ ਪਹਿਲਾਂ ਵਾਪਰੇ ਸਾਕੇ ਦੌਰਾਨ ਸ਼ਹੀਦ ਹੋਏ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਨਿਭਾਈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਨਨਕਾਣਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਦੀਆਂ ਕੁਰਬਾਨੀਆਂ ਮਿਸਾਲੀ ਹਨ, ਜਿਨ੍ਹਾਂ ਵਿੱਚ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਨਾਂ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਸ਼ਹੀਦ ਭਵਿੱਖ ਦੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਹਨ ਅਤੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸ਼ਹੀਦ ਭਾਈ ਲਛਮਣ ਸਿੰਘ ਦੀ ਤਸਵੀਰ ਲਗਾਉਣ ਨਾਲ ਇਥੇ ਆਉਣ ਵਾਲੀਆਂ ਸੰਗਤਾਂ ਨੂੰ ਗੁਰਧਾਮਾਂ ਦੀ ਮਾਣ-ਮਰਯਾਦਾ ਲਈ ਕੁਰਬਾਨੀਆਂ ਦੇਣ ਵਾਲੀਆਂ ਸ਼ਖ਼ਸੀਅਤਾਂ ਦੇ ਜਜ਼ਬੇ ਪ੍ਰਤੀ ਜਾਣਕਾਰੀ ਮਿਲੇਗੀ।
ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਈ ਲਛਮਣ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਦੀ ਸ਼ਲਾਘਾ ਕੀਤੀ।