ਚੰਡੀਗੜ੍ਹ: ਵਿਰੋਧੀ ਪੰਥਕ ਤੇ ਸਿਆਸੀ ਧਿਰਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਤੱਕ ਟੱਕਰ ਨਹੀਂ ਦਿੱਤੀ ਜਾ ਸਕਦੀ ਜਦੋਂ ਤੱਕ ਉਸ ਦਾ ਸ਼੍ਰੋਮਣੀ ਕਮੇਟੀ ਤੋਂ ਕਬਜ਼ਾ ਨਹੀਂ ਤੋੜਿਆ ਜਾਂਦਾ। ਇਸ ਲਈ ਪਿਛਲੇ ਕਾਫੀ ਸਮੇਂ ਤੋਂ ਪੰਥਕ ਧਿਰਾਂ ਸਾਰਾ ਜ਼ੋਰ ਇਸ 'ਤੇ ਹੀ ਲਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਤੇ ਸ਼੍ਰੋਮਣੀ ਕਮੇਟੀ ਨੂੰ ਟੱਕਰ ਦੇਣ ਲਈ ਕਾਇਮ ਪੰਥਕ ਅਕਾਲੀ ਲਹਿਰ ਵੱਲੋਂ ਬੁੱਧਵਾਰ ਨੂੰ ਫ਼ਤਹਿਗੜ੍ਹ ਸਾਹਿਬ ’ਚ ਵਿਸ਼ਾਲ ਕਾਨਫਰੰਸ ਕੀਤੀ ਗਈ। ਇਸ ਮੌਕੇ ਐਲਾਨ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਧਾਰਮਿਕ ਅਦਾਰਿਆਂ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਸੰਘਰਸ਼ ਛੇੜਿਆ ਜਾਵੇਗਾ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਕਾਨਫਰੰਸ ਦੌਰਾਨ ਸੰਗਤਾਂ ਤੋਂ ਹੱਥ ਖੜ੍ਹੇ ਕਰਵਾ ਕੇ ਮਤੇ ਪਾਸ ਕੀਤੇ ਗਏ। ਇਨ੍ਹਾਂ ਮਤਿਆਂ ਵਿੱਚ ਭਾਰਤ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜ ਸਾਲਾ ਮਿਆਦ ਪੁਗਾ ਚੁੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਨੂੰ ਭੰਗ ਕਰਕੇ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ। ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਾਂਗ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਚੋਣਾਂ ਨਾ ਕਰਵਾਉਣ ਦੀ ਸੂਰਤ ’ਚ ਵੱਡਾ ਸੰਘਰਸ਼ ਛੇੜਨ ਦਾ ਐਲਾਨ ਵੀ ਕੀਤਾ ਗਿਆ। ਹੋਰ ਮਤਿਆਂ ਵਿੱਚ ਪੰਜਾਬੀ ਮਾਂ-ਬੋਲੀ ’ਤੇ ਹਮਲਿਆਂ ਨੂੰ ਸਿੱਖਾਂ ਦੀ ਆਤਮਾ ਉੱਤੇ ਹਮਲਾ ਕਰਾਰ ਦਿੱਤਾ, ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿਚ ਡੱਕਣ ਦੀ ਸਰਕਾਰ ਤੋਂ ਮੰਗ ਕੀਤੀ ਗਈ। ਕੇਂਦਰ ਸਰਕਾਰ ਵੱਲੋਂ 8 ਸਿਆਸੀ ਸਿੱਖ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਪ੍ਰਸੰਸਾ ਕਰਦਿਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਕੱਟ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਪੰਜਾਬ ਦੇ ਵਿਗੜ ਰਹੇ ਪੌਣ-ਪਾਣੀ ਤੇ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਾਸੀਆਂ ਨੂੰ ਲੋਕ ਲਹਿਰ ਖੜ੍ਹੀ ਕਰਨ ਦੀ ਅਪੀਲ ਕੀਤੀ ਗਈ। ਭਾਈ ਰਣਜੀਤ ਸਿੰਘ ਨੇ ਬਾਦਲ ਪਰਿਵਾਰ ’ਤੇ ਅਕਾਲ ਤਖਤ ਤੇ ਪੰਥ -ਗ੍ਰੰਥ ਦੇ ਸਿਧਾਂਤ ਨੂੰ ਮਲੀਆਮੇਟ ਕਰਨ ਦੇ ਕਥਿਤ ਦੋਸ਼ ਲਾਏ। ਸੰਤ ਸਮਾਜ ਦੇ ਪ੍ਰਧਾਨ ਤੇ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਸੰਤ ਸਰਬਜੋਤ ਸਿੰਘ ਬੇਦੀ ਨੇ ਅਕਾਲ ਤਖ਼ਤ ਨੂੰ ਸਿਆਸੀ ਗ਼ਲਬੇ ‘ਚੋਂ ਮੁਕਤ ਕਰਵਾਉਣ ਦਾ ਹੋਕਾ ਦਿੱਤਾ।