Vaishno Devi: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਐਤਵਾਰ ਨੂੰ ਵੈਸ਼ਨੋ ਦੇਵੀ ਮੰਦਰ 'ਚ ਭਗਦੜ 'ਚ ਮਾਰੇ ਗਏ ਸ਼ਰਧਾਲੂਆਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਹ ਰਾਸ਼ੀ 10 ਲੱਖ ਰੁਪਏ ਦੀ ਗ੍ਰਾਂਟ ਤੋਂ ਇਲਾਵਾ ਹੋਵੇਗੀ, ਜਿਸ ਦਾ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ।


ਮਨੋਜ ਸਿਨਹਾ ਨੇ ਐਤਵਾਰ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਸ਼ਨੀਵਾਰ ਦੀ ਘਟਨਾ ਦੇ ਕਾਰਨਾਂ ਦੀ ਜਾਂਚ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਗਈ। ਇਸ ਘਟਨਾ 'ਚ 2 ਔਰਤਾਂ ਸਮੇਤ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਜ਼ਖਮੀਆਂ 'ਚੋਂ 9 ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।


ਮੀਟਿੰਗ ਵਿੱਚ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸਾਰੇ ਅਧਿਕਾਰੀ ਸ਼ਾਮਲ ਹੋਏ ਜੋ ਮੰਦਰ ਦੇ ਦਰਸ਼ਨਾਂ ਦਾ ਪ੍ਰਬੰਧ ਕਰਦੇ ਹਨ। ਲੈਫਟੀਨੈਂਟ ਗਵਰਨਰ ਸਿਨਹਾ ਸ਼ਰਾਈਨ ਬੋਰਡ ਦੇ ਚੇਅਰਮੈਨ ਵੀ ਹਨ। ਉਨ੍ਹਾਂ ਇਸ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਦੜ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਭਗਦੜ ਦੇ ਕਾਰਨਾਂ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ।


ਸ਼੍ਰਾਈਨ ਬੋਰਡ ਪ੍ਰਸ਼ਾਸਨ ਵੱਲੋਂ ਜੰਮੂ-ਕਸ਼ਮੀਰ ਪ੍ਰਸ਼ਾਸਨ ਦੀ ਮਦਦ ਨਾਲ ਹਵਾਈ ਅਤੇ ਸੜਕ ਮਾਰਗ ਰਾਹੀਂ ਐਤਵਾਰ ਨੂੰ ਸ਼ਨਾਖਤ ਕਰਨ ਤੋਂ ਬਾਅਦ 10 ਲੋਕਾਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਅਤੇ ਬਾਕੀ ਦੋ ਲਾਸ਼ਾਂ ਸੋਮਵਾਰ ਨੂੰ ਭੇਜੀਆਂ ਜਾਣਗੀਆਂ। ਸ਼ਨੀਵਾਰ ਰਾਤ ਕਰੀਬ 2:45 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਦੇ ਗੇਟ ਨੰਬਰ 3 ਦੇ ਕੋਲ ਭਗਦੜ ਮੱਚ ਗਈ। ਪੁਲਿਸ ਦੀ ਸ਼ੁਰੂਆਤੀ ਰਿਪੋਰਟ ਅਨੁਸਾਰ ਸ਼ਰਧਾਲੂਆਂ ਦੇ ਦੋ ਗੁੱਟਾਂ ਵਿਚਕਾਰ ਝਗੜਾ ਹੋ ਗਿਆ, ਜਿਸ ਕਾਰਨ ਲੋਕਾਂ ਨੇ ਇੱਕ ਦੂਜੇ ਨੂੰ ਧੱਕੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਭਗਦੜ ਮੱਚ ਗਈ।


ਅਧਿਕਾਰੀਆਂ ਅਨੁਸਾਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਯਾਤਰਾ ਦੀ ਆਮ ਸਮਰੱਥਾ ਨੂੰ 50000 ਪ੍ਰਤੀ ਦਿਨ ਤੱਕ ਸੀਮਤ ਕਰ ਦਿੱਤਾ ਹੈ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ 31 ਦਸੰਬਰ 2021 ਅਤੇ 1 ਜਨਵਰੀ 2022 ਨੂੰ ਯਾਤਰਾ ਲਈ ਸਿਰਫ਼ 35000 ਸ਼ਰਧਾਲੂਆਂ ਨੂੰ ਹੀ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਗਈ ਸੀ। 


ਉਪ ਰਾਜਪਾਲ ਨੇ ਘਟਨਾ ਦੀ ਜਾਂਚ ਲਈ ਪ੍ਰਮੁੱਖ ਸਕੱਤਰ (ਗ੍ਰਹਿ) ਦੀ ਅਗਵਾਈ ਵਿੱਚ ਏਡੀਜੀਪੀ, ਜੰਮੂ ਅਤੇ ਡਿਵੀਜ਼ਨਲ ਕਮਿਸ਼ਨਰ, ਜੰਮੂ ਦੇ ਮੈਂਬਰਾਂ ਵਜੋਂ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੂੰ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ। ਮੀਟਿੰਗ ਦੇ ਤੁਰੰਤ ਜਵਾਬ ਵਜੋਂ ਅਤੇ ਸ਼ਰਧਾਲੂਆਂ ਦੀ ਜਾਣਕਾਰੀ ਲਈ, ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਇੱਕ ਹੈਲਪਲਾਈਨ ਸਥਾਪਤ ਕੀਤੀ ਹੈ।


ਫੋਨ ਨੰਬਰਾਂ 01991-234804 ਅਤੇ 01991-234053 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਥਾਪਤ ਹੈਲਪ-ਲਾਈਨਾਂ ਹਨ ਡੀਸੀ ਰਿਆਸੀ ਕੰਟਰੋਲ ਰੂਮ: 01991- 245763/9419839557, ਪੀਸੀਆਰ ਕਟੜਾ: 01991-232010/9419145182, ਅਤੇ ਪੀਸੀਆਰ ਰਿਆਸੀ: 019912450766/9419839557।


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ