ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਾਰਟੀ ਦਾ ਉੱਚ ਪੱਧਰੀ ਵਫਦ ਜਲਦ ਹੀ ਮਿਲੇਗਾ ਤਾਂ ਜੋ ਮਹਾਨ ਸਿੱਖ ਸੰਸਥਾਵਾਂ ਬਾਦਲਾਂ ਤੋਂ ਆਜ਼ਾਦ ਕਰਵਾਈਆਂ ਜਾ ਸਕਣ।
ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਦ, ਵਿਧਾਨ ਸਭਾਵਾਂ, ਨਗਰ ਨਿਗਮ, ਪੰਚਾਇਤਾਂ ਦੀਆਂ ਚੋਣਾਂ ਪੰਜ ਸਾਲ ਬਾਅਦ ਹੋ ਜਾਂਦੀਆਂ ਹਨ ਪਰ ਸਿੱਖਾਂ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀ ਚੋਣ ਪਿਛਲੇ 70 ਸਾਲਾਂ ਵਿਚ ਕਦੇ ਸਮੇਂ ਸਿਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲ ਇੱਕ ਦਫਤਰ ਵਜੋਂ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਕਹਿਣ ’ਤੇ ਕੇਂਦਰ ਸਰਕਾਰ ਸਮੇਂ ਸਿਰ ਚੋਣ ਨਹੀਂ ਕਰਵਾ ਰਹੀ।
ਇਸੇ ਤਰ੍ਹਾਂ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਹ ਵੀ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨਗੇ। ਢੀਂਡਸਾ ਇਸ ਵੇਲੇ ਸ਼੍ਰੋਮਣੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਆਜ਼ਾਦ ਕਰਵਾਉਣ ਦਾ ਨਾਅਰਾ ਲੈ ਕੇ ਲੋਕਾਂ ਕੋਲ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਵੀ ਸ਼੍ਰੋਮਣੀ ਕਮੇਟੀ ਲਈ ਲਾਮਬੰਦੀ ਕਰ ਰਹੇ ਹਨ।
ਚਰਚਾ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਚੋਣਾਂ ਹੁੰਦੀਆਂ ਹਨ ਤਾਂ ਸਭ ਧਿਰਾਂ ਦਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਟੱਕਰ ਦੇਣਾ ਹੋਏਗਾ। ਇਹ ਵੀ ਚਰਚਾ ਹੈ ਕਿ ਬਾਦਲ ਵਿਰੋਧੀ ਦਲ ਇੱਕਜੁੱਟ ਹੋ ਸਕਦੇ ਹਨ। ਉਂਝ ਢੀਂਡਸਾ ਤੇ ਬ੍ਰਹਮਪੁਰਾ ਵਿਚਾਲੇ ਪੈਦੇ ਹੋਏ ਤਕਰਾਰ ਮਗਰੋਂ ਇਹ ਸੰਭਵ ਨਹੀਂ ਜਾਪਦਾ।