ਅੰਮ੍ਰਿਤਸਰ: ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਸਰੂਪਾਂ ਨੂੰ ਸਾਲ 2009 ਵਿੱਚ ਬਣੇ ਨਿਯਮਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਦਿਆਂ ਵਿਦੇਸ਼ ਭੇਜਿਆ ਗਿਆ ਸੀ।

Continues below advertisement

ਐਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਵੈਨਕੂਵਰ ਅਤੇ ਲੋਅਰ ਮੇਨਲੈਂਡ (ਕੈਨੇਡਾ) ਦੇ ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇੱਕ ਸੁਝਾਅ ਪੱਤਰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਾਪਤ ਹੋਏ ਸਾਰੇ ਸੁਝਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅੱਗੇ ਵਿਚਾਰ ਲਈ ਰੱਖਿਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੂਰੀ ਪ੍ਰਕਿਰਿਆ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਮਰਿਆਦਾ ਅਤੇ ਸਤਿਕਾਰ ਦਾ ਪੂਰਾ ਧਿਆਨ ਰੱਖਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਲਾਪਰਵਾਹੀ ਨਹੀਂ ਹੋਈ। ਐਸਜੀਪੀਸੀ ਅਨੁਸਾਰ ਸਾਰੇ ਸਰੂਪ ਸੁਰੱਖਿਅਤ ਅਤੇ ਪੂਰੀ ਮਰਿਆਦਾ ਨਾਲ ਕੈਨੇਡਾ ਪਹੁੰਚੇ ਹਨ।

Continues below advertisement

ਐਸਜੀਪੀਸੀ ਨੇ ਇਹ ਵੀ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੇ ਅੰਤਿਮ ਫ਼ੈਸਲੇ ਤੱਕ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਭੇਜਣ ਦੀ ਪ੍ਰਕਿਰਿਆ ਅਸਥਾਈ ਤੌਰ 'ਤੇ ਰੋਕ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਕਮੇਟੀ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਨੂੰ ਵੀ ਖਾਰਜ ਕੀਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਸਰੂਪਾਂ ਨੂੰ ਗੈਰ-ਉਚਿਤ ਢੰਗ ਨਾਲ ਜਾਂ ਖ਼ਰਾਬ ਹਾਲਤ ਵਿੱਚ ਭੇਜਿਆ ਗਿਆ। ਐਸਜੀਪੀਸੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਤਿਮ ਫ਼ੈਸਲੇ ਤੱਕ ਕਿਸੇ ਵੀ ਅਪੁਸ਼ਟ ਜਾਂ ਭਰਮਾਉਣ ਵਾਲੀ ਜਾਣਕਾਰੀ 'ਤੇ ਵਿਸ਼ਵਾਸ ਨਾ ਕੀਤਾ ਜਾਵੇ।