ਅੰਮ੍ਰਿਤਸਰ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨਮਿਤ ਸਜਾਏ ਜਾ ਰਹੇ ਕੌਮਾਂਤਰੀ ਨਗਰ ਕੀਰਤਨ ਦਾ ਹਿੱਸਾ ਬਣਨ ਲਈ ਵੱਡੀ ਗਿਣਤੀ ਵਿੱਚ ਸੰਗਤ ਤਿਆਰ-ਬਰ-ਤਿਆਰ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਤੋਂ ਅੱਜ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਨੂੰ ਪਾਸਪੋਰਟ ਸੌਂਪੇ ਗਏ।


ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਏ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇੱਕ ਅਗਸਤ ਨੂੰ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੋਂ ਚੱਲ ਕੇ ਇਹ ਨਗਰ ਕੀਰਤਨ ਉਸੇ ਹੀ ਦਿਨ ਅਟਾਰੀ ਦੇ ਰਸਤੇ ਭਾਰਤ ਵਿੱਚ ਦਾਖ਼ਲ ਹੋਵੇਗਾ। ਇਸ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੜਾਅ ਕਰਨ ਤੋਂ ਬਾਅਦ ਨਗਰ ਕੀਰਤਨ ਅੱਗੇ ਵਧੇਗਾ।

ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿੱਚ ਟੀਮ ਪਾਕਿਸਤਾਨ ਪਹਿਲਾਂ ਹੀ ਪਹੁੰਚ ਗਈ ਹੈ। ਉੱਥੇ ਹੀ ਦੂਜੇ ਪਾਸੇ ਸ਼ਰਧਾਲੂ ਭਲਕੇ ਦੀ ਜੁਲਾਈ ਨੂੰ ਪਾਕਿਸਤਾਨ ਜਾਣਗੇ ਤੇ ਨਗਰ ਕੀਰਤਨ ਦੇ ਰੂਪ ਵਿੱਚ ਭਾਰਤ ਦਾਖਲ ਹੋਣਗੇ। ਸੰਗਤਾਂ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਕਰਦਿਆਂ ਇਨ੍ਹਾਂ ਇਤਿਹਾਸਕ ਲਮਹੇ ਦੇ ਗਵਾਹ ਬਣਨ 'ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ।