ਅੰਮ੍ਰਿਤਸਰ: ਪਿਛਲੇ ਤਿੰਨ ਦਿਨਾਂ ਤੋਂ ਉੱਤਰੀ ਭਾਰਤ ਸਮੇਤ ਕਈ ਸੂਬਿਆਂ ਵਿੱਚ ਲੂ ਚੱਲ ਰਹੀ ਹੈ। ਪੰਜਾਬ ਵਿੱਚ ਗਰਮੀ ਪੂਰੇ ਜ਼ੋਰਾਂ 'ਤੇ ਹੈ। ਗਰਮ ਲੂ ਲਗਾਤਾਰ ਵਗ ਰਹੀ ਹੈ। ਹਾਲਾਤ ਇਹ ਹਨ ਕਿ ਲੋਕ ਸਵੇਰ ਤੇ ਸ਼ਾਮ ਵੇਲੇ ਹੀ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਤੇ ਜ਼ਰੂਰਤ ਪੈਣ 'ਤੇ ਹੀ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਆਉਂਦੇ ਹਨ। ਪਰ ਇੰਨੀ ਗਰਮੀ ਦੇ ਬਾਵਜੂਦ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ ਕੋਈ ਕਮੀ ਨਹੀਂ ਆਈ ਭਾਵੇਂ ਅੰਮ੍ਰਿਤਸਰ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ।

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ। ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਇਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਵੱਲੋਂ ਪੂਰੇ ਪ੍ਰਬੰਧ ਕੀਤੇ ਹਨ। ਗਰਮੀ ਤੋਂ ਬਚਾਅ ਲਈ ਹਰ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੀ ਸਹੂਲੀਅਤ ਲਈ ਹਰ ਚੀਜ਼ ਦਾ ਖਿਆਲ ਰੱਖਿਆ ਜਾਂਦਾ ਹੈ। ਸੰਗਤ ਬਹੁਤ ਮਹਾਨ ਹੈ ਤੇ ਉਨ੍ਹਾਂ ਨੂੰ ਗਰਮੀ-ਸਰਦੀ ਦਾ ਕੋਈ ਅਸਰ ਨਹੀਂ ਹੁੰਦਾ ਪਰ ਸਾਡਾ ਫ਼ਰਜ਼ ਹੈ ਕਿ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ, ਇਸ ਲਈ ਅਸੀਂ ਪੂਰੇ ਪ੍ਰਬੰਧ ਕਰਕੇ ਰੱਖਦੇ ਹਾਂ।

ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਹੁਤ ਸ਼ਾਨਦਾਰ ਪ੍ਰਬੰਧ ਕੀਤੇ ਹਨ। ਸੰਗਤ ਦੇ ਉਤਸ਼ਾਹ ਅਤੇ ਸ਼ਰਧਾ ਦੇ ਵਿੱਚ ਕੋਈ ਕਮੀ ਨਹੀਂ ਹੈ।