ਅਮਰੀਕਾ ’ਚ ਦੋ ਸਿੱਖਾਂ ’ਤੇ ਹਮਲੇ ਤੋਂ ਸ਼੍ਰੋਮਣੀ ਕਮੇਟੀ ਫਿਕਰਮੰਦ, ਐਡਵੋਕੇਟ ਧਾਮੀ ਵੱਲੋਂ ਨਿਖੇਧੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ। ਹੁਣ ਤਾਜ਼ਾ ਵਾਪਰੀ ਘਟਨਾ ਵਿਚ ਇਸੇ ਇਲਾਕੇ ਅੰਦਰ ਦੋ ਸਿੱਖ ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ।
ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਤੇ ਦੁਨੀਆਂ ਵਿਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਾਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨਸਲੀ ਹਮਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਦੱਸ ਦਈਏ ਕਿ ਅਮਰੀਕੀ ਸ਼ਹਿਰ ਨਿਊਯਾਰਕ ਦੇ ਰਿਚਮੰਡ ਹਿੱਲ 'ਚ ਦੋ ਸਿੱਖਾਂ 'ਤੇ ਹਮਲਾ ਹੋਇਆ ਹੈ। ਸ਼ਿਕਾਇਤ ਦਰਜ ਕਰਕੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਿੰਦਣਯੋਗ ਕਰਾਰ ਦਿੱਤਾ ਤੇ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੀ ਪੁਲਿਸ ਦੇ ਸੰਪਰਕ ਵਿੱਚ ਹਨ।
ਦੂਤਾਵਾਸ ਨੇ ਕਿਹਾ ਕਿ ਅਪਰਾਧ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਸਿੱਖਾਂ 'ਤੇ ਉਸ ਸਮੇਂ ਅਚਾਨਕ ਹਮਲਾ ਹੋਇਆ ਜਦੋਂ ਸਵੇਰ ਦੀ ਸੈਰ ਕਰ ਰਹੇ ਸੀ। ਕਥਿਤ ਤੌਰ 'ਤੇ ਇਹ ਹਮਲਾ ਉਸੇ ਥਾਂ 'ਤੇ ਹੋਇਆ ਜਿੱਥੇ 10 ਦਿਨ ਪਹਿਲਾਂ ਭਾਈਚਾਰੇ ਦੇ ਇੱਕ ਮੈਂਬਰ 'ਤੇ ਹਮਲਾ ਹੋਇਆ ਸੀ।
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਦੋ ਸ਼ੱਕੀਆਂ ਨੇ ਸਿੱਖ ਵਿਅਕਤੀਆਂ ਨੂੰ ਡੰਡਿਆਂ ਨਾਲ ਮਾਰਿਆ ਤੇ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ। ਨਿਊਯਾਰਕ ਦੇ ਅਟਾਰਨੀ ਜਨਰਲ ਲੈਟੀਆ ਜੇਮਸ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਟਵੀਟ ਕੀਤਾ ਤੇ ਲਿਖਿਆ ਕਿ ਰਿਚਮੰਡ ਹਿੱਲ 'ਚ ਸਾਡੇ ਸਿੱਖ ਭਾਈਚਾਰੇ 'ਤੇ ਇੱਕ ਹੋਰ ਘਿਨਾਉਣਾ ਹਮਲਾ। ਦੋਵਾਂ ਵਿਅਕਤੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਨਿਊਯਾਰਕ ਸਟੇਟ ਆਫਿਸ ਲਈ ਚੁਣੀ ਗਈ ਪਹਿਲੀ ਪੰਜਾਬੀ ਅਮਰੀਕਨ ਜੈਨੀਫਰ ਰਾਜਕੁਮਾਰ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਚਿੰਤਾਜਨਕ 200 ਫੀਸਦੀ ਵਾਧਾ ਹੋਇਆ ਹੈ।