ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਉੱਪਰ ਇੱਕ ਵਾਰ ਮੁੜ ਸਵਾਲ ਉੱਠੇ ਹਨ। ਸ਼ਨੀਵਾਰ ਨੂੰ ਟਾਸਕ ਫੋਰਸ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਵਿਚਾਲੇ ਹੋਈ ਝੜਪ ਬਾਰੇ ਵੱਡਾ ਪੱਖ ਸਾਹਮਣੇ ਆਇਆ ਹੈ। ਇਸ ਝੜਪ ਦਾ ਸ਼ਿਕਾਰ ਹੋਏ ਕੁਝ ਪੱਤਰਕਾਰਾਂ ਮੁਤਾਬਕ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਧਰਨਾ ਦੇ ਰਹੀਆਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੂੰ ਟਾਸਕ ਫੋਰਸ ਵਾਲਿਆਂ ਨੇ ਬੰਦੀ ਬਣਾ ਕੇ ਬੁਰੀ ਤਰ੍ਹਾਂ ਕੁੱਟਿਆ। ਟਾਸਕ ਫੋਰਸ ਦੀ ਧੱਕੇਸ਼ਾਹੀ ਦੇ ਸ਼ਿਕਾਰ ਹੋ ਪੱਤਰਕਾਰ ਵੀ ਹੋਏ। ਘਟਨਾ ਦੀ ਕਵਰੇਜ ਕਰ ਰਹੇ ਕੁਝ ਮੀਡੀਆ ਕਰਮੀਆਂ ਦੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਮਾਰਕੁੱਟ ਕੀਤੀ ਗਈ। ਇਸ ਸਬੰਧੀ ਮੀਡੀਆ ਯੂਨੀਅਨ ਵੱਲੋਂ ਪੁਲਿਸ ਕੋਲ ਸ਼੍ਰੋਮਣੀ ਕਮੇਟੀ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ।
ਧਰਨਾਕਾਰੀਆਂ ਸਿੱਖ ਕਾਰਕੁਨਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰਨਾਂ ਵੱਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਸਿੱਖ ਕਾਰਕੁਨਾਂ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਤੇ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫ਼ਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕਾਰਕੁਨਾਂ ਨੂੰ ਦੇਰ ਸ਼ਾਮ ਪੁਲਿਸ ਨੇ ਆ ਕੇ ਛੁਡਵਾਇਆ।
ਉਧਰ, ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੋਸ਼ੀਆਂ ਖਿਲਾਫ਼ ਕੇਸ ਦਰਜ ਕਰਾਉਣ ਤੋਂ ਕੰਨੀ ਕਤਰਾਉਣ ਕਾਰਨ ਇਹ ਸਥਿਤੀ ਬਣੀ ਹੈ। ਉਨ੍ਹਾਂ ਮੀਡੀਆ ਕਰਮੀਆਂ ਨਾਲ ਕੀਤੀ ਮਾਰਕੁੱਟ ਤੇ ਬਦਸਲੂਕੀ ਦੀ ਵੀ ਨਿੰਦਾ ਕੀਤੀ ਹੈ।
ਯਾਦ ਰਹੇ ਇਹ ਧਰਨਾਕਾਰੀ ਪਿਛਲੇ ਲਗਪਗ 40 ਦਿਨਾਂ ਤੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਧਰਨਾ ਦੇ ਕੇ ਬੈਠੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ਼ ਪੁਲੀਸ ਕਾਰਵਾਈ ਕੀਤੀ ਜਾਵੇ ਤੇ ਲਾਪਤਾ ਸਰੂਪਾਂ ਬਾਰੇ ਦੱਸਿਆ ਜਾਵੇ। ਸਿੱਖ ਕਾਰਕੁਨਾਂ ਨੇ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੇ ਗੇਟ ਨੂੰ ਤਾਲਾ ਲਾ ਦਿੱਤਾ ਸੀ, ਜੋ ਦੋ-ਤਿੰਨ ਬਾਅਦ ਖੋਲ੍ਹਿਆ ਗਿਆ ਸੀ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਚਨ ਸਿੰਘ ਖਾਲਸਾ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਧਰਨਾਕਾਰੀਆਂ ਵਿੱਚੋਂ ਕੁਝ ਨੇ ਸ਼੍ਰੋਮਣੀ ਕਮੇਟੀ ਦੇ ਗੇਟ ਨੂੰ ਤਾਲਾ ਲਾ ਕੇ ਕੰਮਕਾਜ ਵਿੱਚ ਵਿਘਨ ਪਾਉਣ ਦਾ ਯਤਨ ਕੀਤਾ ਸੀ। ਉਨ੍ਹਾਂ ਕਿਹਾ ਕਿ ਦੁਪਹਿਰ ਵੇਲੇ ਜਦੋਂ ਕਰਮਚਾਰੀ ਭੋਜਨ ਲਈ ਬਾਹਰ ਨਿਕਲੇ ਤਾਂ ਕੁਝ ਧਰਨਾਕਾਰੀਆਂ ਨੇ ਤਕਰਾਰ ਮਗਰੋਂ ਸ਼੍ਰੋਮਣੀ ਕਮੇਟੀ ਕਰਮਚਾਰੀਆਂ ’ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀ ਤੇ ਟਾਸਕ ਫੋਰਸ ਪੁੱਜ ਗਈ, ਜਿਨ੍ਹਾਂ ਹਮਲਾ ਕਰਨ ਵਾਲਿਆਂ ਕੋਲੋਂ ਕਿਰਪਾਨਾਂ ਆਦਿ ਖੋਹ ਲਈਆਂ।
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਅੰਦਰ ਬੰਦ ਕਰਕੇ ਕੁੱਟੇ ਧਰਨਾ ਦੇ ਰਹੇ ਸਿੱਖ, ਪੁਲਿਸ ਨੇ ਆਣ ਕੇ ਛੁਡਾਏ
ਏਬੀਪੀ ਸਾਂਝਾ
Updated at:
25 Oct 2020 10:56 AM (IST)
ਧਰਨਾਕਾਰੀਆਂ ਸਿੱਖ ਕਾਰਕੁਨਾਂ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤੇ ਹੋਰਨਾਂ ਵੱਲੋਂ ਡਾਂਗਾਂ ਤੇ ਕਿਰਪਾਨਾਂ ਨਾਲ ਉਨ੍ਹਾਂ ’ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਸਿੱਖ ਕਾਰਕੁਨਾਂ ਸੁਖਜੀਤ ਸਿੰਘ ਖੋਸਾ, ਬਲਬੀਰ ਸਿੰਘ ਮੁੱਛਲ, ਦਿਲਬਾਗ ਸਿੰਘ, ਪਰਮਜੀਤ ਸਿੰਘ ਅਕਾਲੀ, ਮਨਜੀਤ ਸਿੰਘ ਝਬਾਲ, ਲਖਬੀਰ ਸਿੰਘ ਤੇ ਹੋਰ ਕਈ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਮਾਰਕੁੱਟ ਕਰਦੇ ਹੋਏ ਦਫ਼ਤਰ ਕੰਪਲੈਕਸ ਅੰਦਰ ਲੈ ਗਏ। ਬੰਦੀ ਬਣਾ ਕੇ ਰੱਖੇ ਗਏ ਕਾਰਕੁਨਾਂ ਨੂੰ ਦੇਰ ਸ਼ਾਮ ਪੁਲਿਸ ਨੇ ਆ ਕੇ ਛੁਡਵਾਇਆ।
- - - - - - - - - Advertisement - - - - - - - - -