Shaheedi Jor Mela 2023: ਭਾਰਤੀ ਜਨਤਾ ਪਾਰਟੀ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸਪਰਪਿਤ 26 ਦਸੰਬਰ ਪੂਰੇ ਦੇਸ਼ ਵਿੱਚ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਹੈ। ਬੀਜੇਪੀ ਵੱਲੋਂ ਸਹਿਜ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ ਤੇ ਸ਼ਬਦ ਕੀਰਤਨ ਸਮਾਗਮ ਵੀ ਹੋਣਗੇ। 


ਇਸ ਬਾਰੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਦੱਸਿਆ ਹੈ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਵਾਲਾ ਦਿਨ 26 ਦਸੰਬਰ ਭਾਜਪਾ ਵੱਲੋਂ ਪੂਰੇ ਦੇਸ਼ ਵਿੱਚ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋ ਹਰ ਮੰਡਲ ਵਿੱਚ ਸਹਿਜ ਪਾਠ ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ ਤੇ ਸ਼ਬਦ ਕੀਰਤਨ ਸਮਾਗਮ ਹੋਣਗੇ। 


ਤਰੁਣ ਚੁੱਘ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਕੇਂਦਰਾਂ ’ਤੇ ਲੰਗਰ ਲਗਾਏ ਜਾਣਗੇ, ਹਰੇਕ ਵਿਧਾਨ ਸਭਾ ਹਲਕੇ ਵਿੱਚ ਵੱਡਾ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ 26 ਦਸੰਬਰ ਨੂੰ ਹਰ ਦੇਸ਼ ਵਾਸੀ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।


ਉਧਰ, ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਤੇ ਚਮਕੌਰ ਸਾਹਿਬ ਦੇ ਮੁਗਲ ਸਾਮਰਾਜ ਨਾਲ ਹੋਏ ਇਤਿਹਾਸਕ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਸਿਆਸੀ ਕਾਨਫਰੰਸਾਂ ਹੋਣਗੀਆਂ। ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬਾਨ ਸਮੇਤ ਹੋਰ ਅਕਾਲੀ ਦਲ ਦੇ ਆਗੂ ਪਹੁੰਚਣਗੇ।


ਹਾਸਲ ਜਾਣਕਾਰੀ ਮੁਤਾਬਕ ਵੀਰਵਾਰ ਨੂੰ ਜੋੜ ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੰਚ ਤੋਂ ਰਾਗੀ ਤੇ ਢਾਡੀ ਜਥਿਆਂ ਨੇ ਕਥਾ ਕੀਰਤਨ ਕੀਤਾ ਤੇ ਗੁਰਬਾਣੀ ਦੀ ਵਿਆਖਿਆ ਕੀਤੀ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਨੇ ਦੱਸਿਆ ਕਿ ਇਹ ਦੀਵਾਨ 23 ਦਸੰਬਰ ਦੇਰ ਰਾਤ ਤੱਕ ਜਾਰੀ ਰਹਿਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।