ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਖੁੱਲ੍ਹਾ ਕਿਤਾਬਚਾ ਹੈ, ਜਿਥੋਂ ਸੰਗਤਾਂ ਆਪਣੇ ਧਰਮ ਅਤੇ ਵਿਰਸੇ ਬਾਰੇ ਸੇਧ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦਾ ਹਿੱਸਾ ਬਣਨਾ ਸਿੱਖ ਕੌਮ ਦਾ ਸਭ ਤੋਂ ਵੱਡਾ ਸਨਮਾਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ।

ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਇਸ ਲਹਿਰ ਦੇ ਮੋਹਰਲੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ