Shaheedi Jor Mela 2022 : ਚਮਕੌਰ ਸਾਹਿਬ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਗੜ੍ਹੀ ਚਮਕੌਰ ਵਿੱਚ ਮੁਗਲਾਂ ਨਾਲ ਲੜਦਿਆਂ ਸ਼ਹਾਦਤ ਦੇ ਜਾਮ ਪੀਣ ਵਾਲੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਤਿੰਨ ਦਿਨਾ ਸ਼ਹੀਦੀ ਸਮਾਗਮ ਅੱਜ 21 ਦਸੰਬਰ ਤੋਂ ਸ਼ੁਰੂ ਹੋ ਗਏ ਹਨ। ਚਮਕੌਰ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿੱਚ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ ਤੇ 23 ਦਸੰਬਰ ਨੂੰ ਭੋਗ ਪਾਏ ਜਾਣਗੇ। 


ਇਨ੍ਹਾਂ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਵੱਡੀ ਆਮਦ ਨੂੰ ਵੇਖਦੇ ਹੋਏ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨੂੰ ਸਜਾਇਆ ਗਿਆ ਹੈ। ਸੰਗਤਾਂ ਦੇ ਲੰਗਰ ਤੇ ਰਿਹਾਇਸ਼, ਕੜਾਹ ਪ੍ਰਸਾਦ ਦੇ ਕਾਊਂਟਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। 


ਸ਼ਹੀਦੀ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆ ਡੀਐਸਪੀ ਜਰਨੈਲ ਸਿੰਘ ਤੇ ਥਾਣਾ ਮੁਖੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਆਉਣ ਵਾਲੀ ਸੰਗਤ ਨੂੰ ਆਵਾਜਾਈ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੋੜ ਮੇਲ ਦੌਰਾਨ ਇਕ ਐਸਪੀ, ਚਾਰ ਡੀਐਸਪੀ, 15 ਇੰਸਪੈਕਟਰਾਂ ਸਣੇ 350 ਹੋਰ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਸ਼ਹੀਦੀ ਜੋੜ ਮੇਲ ਲਈ ਥਾਣੇਦਾਰ, ਹੌਲਦਾਰ, ਸਿਪਾਹੀ, ਮਹਿਲਾ ਮੁਲਾਜ਼ਮ ਤੇ ਸੀਆਈਡੀ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 


ਇਨ੍ਹਾਂ ਤੋਂ ਇਲਾਵਾ ਡਾਗ ਸਕੁਐਡ ਦੀਆਂ ਟੀਮਾਂ ਵੀ ਤਾਇਨਾਤ ਰਹਿਣਗੀਆਂ। ਜਦੋਂਕਿ ਨਿਹੰਗ ਸਿੰਘਾਂ ਦੀ ਠਹਿਰ ਨੇੜੇ ਵੀ ਪੁਲੀਸ ਮੁਲਾਜ਼ਮ ਡਿਊਟੀ ਦੇਣਗੇ। ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੇ ਗੜ੍ਹੀ ਸਾਹਿਬ ਦੇ ਸਾਰੇ ਮਾਰਗਾਂ ਨੂੰ ਮੁੱਖ ਸੜਕਾਂ ’ਤੇ ਬੈਰੀਕੇਡ ਲਾ ਕੇ ਹਰ ਤਰ੍ਹਾਂ ਦੇ ਵਾਹਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਰਸਤਿਆਂ ’ਤੇ ਸ਼ਰਧਾਲੂ ਸਿਰਫ ਪੈਦਲ ਹੀ ਆ-ਜਾ ਸਕਣਗੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।