SGPC news: ਯੂਪੀ ਦੇ ਆਜ਼ਮਗੜ੍ਹ ਦੇ ਇੱਕ ਗੁਰਦੁਆਰੇ 'ਤੇ ਭੂ-ਮਾਫੀਆ ਵੱਲੋਂ ਕਬਜ਼ਾ ਕਰਨ 'ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ।ਸ਼੍ਰੋਮਣੀ ਕਮੇਟੀ ਮੈਂਬਰ ਦਾ ਕਹਿਣਾ ਹੈ ਕਿ ਸਿੱਖਾਂ ਨੇ ਸਨਾਤਨ ਧਰਮ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸੇ ਲਈ ਕਿਸੇ 'ਤੇ ਜ਼ੁਲਮ ਨਹੀਂ ਹੋਣਾ ਚਾਹੀਦਾ ਪਰ ਸਿੱਖ ਗੁਰਦੁਆਰਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਹ ਗਲਤ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਅਯੁੱਧਿਆ ਦੇ ਰਾਮ ਮੰਦਰ 'ਚ ਪ੍ਰਾਣ ਪ੍ਰਤਿਸ਼ਠਾ ਸਮਾਗਮ ਹੋਇਆ ਸੀ, ਅਸੀਂ ਹਿੰਦੂ ਧਰਮ ਨੂੰ ਵਧਾਈ ਦਿੰਦੇ ਹਾਂ ਪਰ ਸਾਰੇ ਧਰਮਾਂ ਨੂੰ ਆਪਣੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋਣ ਦਾ ਅਧਿਕਾਰ ਹੋਣਾ ਚਾਹੀਦਾ ਹੈ।
ਇਸ ਲਈ ਕੇਂਦਰ ਸਰਕਾਰ ਅਤੇ ਮੁੱਖ ਯੂਪੀ ਦੇ ਮੰਤਰੀ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਜਪਾ ਵਿੱਚ ਸ਼ਾਮਲ ਸਿੱਖ ਚਿਹਰੇ ਵੀ ਭਾਜਪਾ ਅਤੇ ਦੇਸ਼ ਵਿੱਚ ਗੁਰਦਵਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਬਾਅ ਬਣਾਉਣ।
ਇਹ ਵੀ ਪੜ੍ਹੋ: Sangrur News: ਅਜ਼ਾਦੀ ਸੰਗਰਾਮ ਦੌਰਾਨ ਬੇਮਿਸਾਲ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਕੀਤਾ ਯਾਦ
ਇਸ ਦੇ ਨਾਲ ਹੀ ਉਨ੍ਹਾਂ ਅੱਗੇ ਦੱਸਿਆ ਕਿ 1 ਫਰਵਰੀ ਨੂੰ ਐਸਜੀਪੀਸੀ ਦੇ ਮੁੱਖ ਦਫਤਰ ਵਿਖੇ ਜਨਰਲ ਇਜਲਾਸ ਬੁਲਾਇਆ ਗਿਆ ਹੈ, ਜਿਸ ਵਿੱਚ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਵਿਖੇ ਪੁਲਿਸ ਵੱਲੋਂ ਗੋਲੀ ਚਲਾਉਣ ਅਤੇ ਪੰਥਕ ਮੁੱਦਿਆ ਦੇ ਹੱਲ ਲਈ ਵਿਚਾਰਾਂ ਕੀਤੀਆਂ ਜਾਣਗੀਆਂ।
ਬੀਤੇ ਦਿਨੀਂ ਤਰਨ ਤਾਰਨ ਦੇ ਪਹੂਵਿੰਡ ਵਿਖੇ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਪੈਦਾ ਹੋਏ ਵਿਵਾਦ 'ਤੇ ਕਿਹਾ ਕਿ ਜਿਨ੍ਹਾਂ ਨੇ ਇਹ ਵਿਵਾਦ ਸ਼ੁਰੂ ਕੀਤਾ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਵੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਿਸੇ ਨੂੰ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਵਿਵਾਦ ਨਹੀ ਪੈਦਾ ਕਰਨਾ ਚਾਹੀਦਾ ਹੈ ਕਿਉਂਕਿ ਸ੍ਰੀ ਆਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਨੂੰ ਸ਼ਹੀਦ ਐਲਾਨਿਆ ਜਾ ਚੁੱਕਿਆ ਹੈ।