ਨਵੀਂ ਦਿੱਲੀ: ਗੂਗਲ ਸਮੇਤ ਸੋਸ਼ਲ ਮੀਡੀਆ 'ਤੇ ਗੁਰੂ ਸਾਹਿਬਾਨ ਨਾਲ ਸੰਬੰਧਤ ਗਲਤ ਜਾਣਕਾਰੀ ਨੂੰ ਵੇਖਦਿਆਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਿਪਟੀ ਚੇਅਰਮੈਨ, ਕੁਲਵੰਤ ਸਿੰਘ ਬਾਠ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਨ੍ਹਾਂ ਨੂੰ ਦੇਸ਼ ਭਰ ਦੇ ਸਿੱਖ ਇਤਿਹਾਸਕਾਰਾਂ, ਪ੍ਰੋਫੈਸਰਾਂ, ਅਧਿਆਪਕਾਂ ਅਤੇ ਮਾਹਰਾਂ ਦੀ ਕਮੇਟੀ ਬਣਾਉਣ ਲਈ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ ਗਈ।


ਕੁਲਵੰਤ ਸਿੰਘ ਬਾਠ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਜੀਵਨ ਨੂੰ ਭਾਰਤ ਅਤੇ ਵਿਦੇਸ਼ਾਂ ਸਮੇਤ ਸਕੂਲਾਂ ਵਿੱਚ ਨਿਰੰਤਰ ਗਲਤ ਜਾਣਕਾਰੀ ਦਿੱਤੀ ਜਾ ਰਿਹੀ ਹੈ। ਜਿਸ ਕਾਰਨ ਸਿੱਖ ਕੌਮ ਦੇ ਲੋਕਾਂ ਵਿੱਚ ਭਾਰੀ ਰੋਸ ਹੈ।

ਦਿੱਲੀ ਦੇ ਇੱਕ ਨਿੱਜੀ ਸਕੂਲ ਦਾ ਉਦਾਹਰਣ ਦਿੰਦਿਆਂ ਬਾਠ ਨੇ ਕਿਹਾ ਕਿ, ਜਿਸ ਤਰ੍ਹਾਂ ਨਾਲ ਗੁਰੂ ਗੋਬਿੰਦ ਸਿੰਘ ਜੀ ਨੂੰ ਅੱਤਵਾਦੀ ਕਿਹਾ ਗਿਆ, ਇਸ ਦੇ ਨਾਲ ਹੀ ਗੂਗਲ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੇ ਲਾਈ ਜਾਣ ਵਾਲੀ ਛਬੀਲ ਅਤੇ ਗੁਰੂ ਤੇਗ ਬਹਾਦਰ ਸਾਹਿਬ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਜੁੜੇ ਗਲਤ ਤੱਥ ਵੀ ਦਿੱਤੇ ਗਏ ਹਨ।

ਬਾਠ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਜਿੰਨੀ ਜਲਦੀ ਹੋ ਸਕੇ ਇੱਕ ਕਮੇਟੀ ਬਣਾਉਣ ਦੀ ਕੋਸ਼ਿਸ਼ ਕਰਨ ਤਾਂ ਜੋ ਗੂਗਲ ਸਣੇ ਸੋਸ਼ਲ ਮੀਡੀਆ ਤੇ ਗਲਤ ਸਿੱਖ ਇਤਿਹਾਸ ਨੂੰ ਦਰੁਸਤ ਕੀਤਾ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀਆਂ ਕਦਰਾਂ ਕੀਮਤਾਂ, ਸਭਿਅਤਾ ਅਤੇ ਗੁਰੂ ਸਾਹਿਬਾਨ ਦੀ ਬਹਾਦਰੀ ਬਾਰੇ ਜਾਣਕਾਰੀ ਦਿੱਤੀ ਜਾਵੇ।