ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨਾਲ ਸਬੰਧਤ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਨੂੰ ਜਥੇ ਦੀ ਅਗਵਾਈ ਸੌਂਪੀ ਗਈ ਹੈ, ਜਦਕਿ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ’ਤੇ ਜਥੇ ਨਾਲ ਪਾਕਿਸਤਾਨ ਗਏ ਹਨ।

ਭਾਰਤ ਤੋਂ ਜਥਾ ਜਾਣ ਦੀ ਸ਼ੁਰੂਆਤ ਜਵਾਹਰ ਲਾਲ ਨਹਿਰੂ-ਲਿਆਕਤ ਅਲੀ ਖਾਨ ਪੈਕਟ ਸਦਕਾ ਹੋ ਸਕੀ। ਇਹ ਪੈਕਟ 8 ਅਪ੍ਰੈਲ, 1950 ਨੂੰ ਦੋਹਾਂ ਦੇਸ਼ਾਂ ਵਿਚਕਾਰ ਘੱਟ ਗਿਣਤੀ ਦੇ ਹੱਕਾਂ ਦੀ ਹਿਫਾਜ਼ਤ ਲਈ ਸਾਇਨ ਕੀਤਾ ਗਿਆ ਸੀ। ਇਸ ਪੈਕਟ ਤਹਿਤ ਹੀ ਹਰ ਸਾਲ ਚਾਰ ਮੌਕਿਆਂ 'ਤੇ ਕਰੀਬ 3000 ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣਾ ਸ਼ਾਮਲ ਸੀ। ਪੈਕਟ 'ਚ ਕੁਝ ਬਦਲਾਅ ਵੀ ਕੀਤੇ ਗਏ। ਹੁਣ ਹਰ ਸਾਲ 7000 ਤੋਂ ਵੱਧ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਜਾਂਦੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕੁੱਲ ਛੇ ਕਮੇਟੀਆਂ ਵੱਲੋਂ ਜਥੇ ਭੇਜੇ ਜਾਂਦੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ 282 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 224 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਗਏ ਜਦਕਿ ਬਾਕੀ 58 ਸ਼ਰਧਾਲੂਆਂ ਦੇ ਵੀਜ਼ੇ ਰੱਦ ਹੋ ਗਏ। ਜੱਥੇ ਦੀ ਵਾਪਸੀ 6 ਜੁਲਾਈ ਨੂੰ ਹੋਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਅੰਤਰ ਰਾਸ਼ਟਰੀ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਗੱਲਬਾਤ ਕਰਨਗੇ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਨਗਰ ਕੀਰਤਨ ਦੀ ਆਰੰਭਤਾ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਹੋਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ 2 ਸੈੱਟ ਚੰਦੋਆ ਸਾਹਿਬ, 6 ਚੌਰ ਸਾਹਿਬ, 23 ਨਿਸ਼ਾਨ ਸਾਹਿਬ ਚੋਲੇ ਤੋਂ ਇਲਾਵਾ ਰੁਮਾਲਾ ਸਾਹਿਬ, ਕਕਾਰ, ਸਿਰੋਪਾਓ ਲੈ ਕੇ ਜਾ ਰਹੇ ਹਨ।

ਜਥੇ ਦੀ ਅਗਵਾਈ ਕਰ ਰਹੇ ਗੁਰਮੀਤ ਸਿੰਘ ਬੂਹ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਬਰਸੀ ਸਮਾਗਮਾਂ ਤੋਂ ਇਲਾਵਾ ਜਥੇ ਵਿੱਚ ਸ਼ਾਮਲ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਨਾ ਸ਼ੇਖੂਪੁਰਾ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਜਥੇ ਦੀ ਵਾਪਸੀ 6 ਜੁਲਾਈ ਨੂੰ ਹੋਵੇਗੀ।