ਅੰਮ੍ਰਿਤਸਰ: ਪੰਜਾਬ ਅੰਦਰ ਕੇਂਦਰ ਸਰਕਾਰ ਖਿਲਾਫ ਰੋਸ ਹੋਰ ਵਧ ਗਿਆ ਹੈ। ਸੂਬੇ ਵਿੱਚ ਖੇਤੀ ਕਾਨੂੰਨਾਂ ਕਰਕੇ ਪਹਿਲਾਂ ਕੇਂਦਰ ਸਰਕਾਰ ਤੇ ਬੀਜੇਪੀ ਖਿਲਾਫ ਰੋਸ ਸਿਖਰਾਂ 'ਤੇ ਹੈ। ਹੁਣ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਮਗਰੋਂ ਹਾਲਾਤ ਹੋਰ ਵੀ ਕਸੂਤੇ ਬਣਦੇ ਜਾ ਰਹੇ ਹਨ। ਅਗਲੇ ਦੋਨਾਂ ਵਿੱਚ ਸਿੱਖ ਭਾਈਚਾਰੇ ਵੱਲੋਂ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖਿਲਾਫ ਮੋਰਚਾ ਵਿੱਢਿਆ ਜਾ ਰਿਹਾ ਹੈ।

ਦਰਅਸਲ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ਵਿੱਚ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਕੌਮ ਲਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਦੇ ਸਮੂਹ ਮੈਂਬਰਾਂ, ਤਖਤ ਸ੍ਰੀ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ, ਦਮਦਮੀ ਟਕਸਾਲ, ਚੀਫ ਖਾਲਸਾ ਦੀਵਾਨ, ਨਿਹੰਗ ਜਥੇਬੰਦੀਆਂ ਸਮੇਤ ਸਾਰੀਆਂ ਸਿੱਖ ਸੰਸਥਾਵਾਂ ਨੂੰ ਕਿਹਾ ਕਿ ਉਹ ਇੱਕ ਮਹੀਨਾ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਉਣ।

ਉਨ੍ਹਾਂ ਕਿਹਾ ਕਿ ਸਮਾਗਮਾਂ ’ਚ ਅੰਮ੍ਰਿਤ ਸੰਚਾਰ ਕਰਵਾਇਆ ਜਾਵੇ ਤੇ ਕੇਂਦਰ ਸਰਕਾਰ ਵੱਲੋਂ ਜਥਾ ਭੇਜਣ ’ਤੇ ਲਾਈ ਗਈ ਰੋਕ ਦਾ ਉਚੇਚਾ ਜ਼ਿਕਰ ਕੀਤਾ ਜਾਵੇ। ਉਨ੍ਹਾਂ ਸਮਾਗਮਾਂ ਦੀ ਰਿਪੋਰਟ ਅਕਾਲ ਤਖ਼ਤ ਨੂੰ ਭੇਜਣ ਲਈ ਕਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਵੱਲੋਂ ਬੀਜੇਪੀ ਨਾਲੋਂ ਤੋੜ-ਵਿਛੜਾ ਕਰਨ ਮਗਰੋਂ ਸਿੱਖਾਂ ਅੰਦਰ ਕੇਂਦਰ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਿਛਲੇ ਸਮੇਂ ਦੌਰਾਨ ਉਚੇਚਾ ਸਿੱਖਾਂ ਬਾਰੇ ਜ਼ਿਕਰ ਕਰਦੇ ਆ ਰਹੇ ਹਨ ਪਰ ਇਸ ਦਾ ਕੋਈ ਖਾਸ ਅਸਰ ਦਿਖਾਈ ਨਹੀਂ ਦੇ ਰਿਹਾ।