Amritsar News: ਅੱਜ ਅੰਮ੍ਰਿਤਸਰ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ। ਇਸ ਮੌਕੇ 'ਤੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਸਾਹਿਬ ਦੇ ਦਰਸ਼ਨ ਕਰਕੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਸਾਹਿਬਾਨ ਦੇ ਸ਼ਸਤਰ (ਜਲੌ ਸਾਹਿਬ) ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ। ਰਾਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਦੂਰ-ਦੁਰਾਡੇ ਤੋਂ ਹਜ਼ਾਰਾਂ ਸ਼ਰਧਾਲੂ ਹਰਿਮੰਦਰ ਸਾਹਿਬ ਪਹੁੰਚੇ।
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਹੋਇਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ, ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰੂ ਦੀਆਂ ਸਿੱਖਿਆਵਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ।