Sikh News: ਸ੍ਰੀ ਕੀਰਤਪੁਰ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕੀਰਤਪੁਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ 12 ਕਿਲੋਮੀਟਰ ਸਫਰ ਦਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।
Sikh News: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਦੇਸ਼ ਅਤੇ ਵਿਦੇਸ਼ ਦੇ ਵਿੱਚ ਸੰਗਤ ਜਿੱਥੇ ਵੱਡੀ ਗਿਣਤੀ ਵਿੱਚ ਗੁਰੂਘਰਾਂ ਦੇ ਵਿੱਚ ਨਤਮਸਤਕ ਹੋ ਰਹੀ ਹੈ। ਇਸ ਮੌਕੇ ਵੱਖ-ਵੱਖ ਥਾਂਵਾਂ ਉੱਤੇ ਗੁਰੂਘਰਾਂ ਚੋਂ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸੇ ਸੰਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੀਬਾਨਗੜ੍ਹ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕੀਰਤਪੁਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ 12 ਕਿਲੋਮੀਟਰ ਸਫਰ ਦਾ ਤੈਅ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਪੁੱਜ ਕੇ ਸੰਪੰਨ ਹੋਵੇਗਾ।
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਆਰੰਭਤਾ ਦੀ ਅਰਦਾਸ ਕੀਤੀ ਗਈ, ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਇਹ ਨਗਰ ਕੀਰਤਨ ਪੰਜ ਪਿਆਰਿਆਂ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿੱਚ ਵਿੱਚ ਸ਼ੁਰੂ ਹੋਇਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋ ਬੈਂਡ ਦੀਆਂ ਧੁਨਾਂ ਵੀ ਵਜਾਈਆਂ ਗਈਆਂ।
ਗ਼ੌਰਤਲਬ ਹੈ ਕਿ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਜਦੋਂ ਹਿੰਦੂ ਧਰਮ ਦੀ ਰਾਖੀ ਦੇ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ ਗਈ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਸੀਸ ਨੂੰ ਭਾਈ ਜੈਤਾ ਜੀ ਵੱਲੋਂ ਕੀਰਤਪੁਰ ਸਾਹਿਬ ਵਿਖੇ ਲਿਆਂਦਾ ਗਿਆ ਤੇ ਇਸ ਸਮੇਂ ਇਸ ਸਥਾਨ ਤੇ ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਸ਼ਸ਼ੋਬਿਤ ਹੈ।
ਗੁਰੂ ਸਾਹਿਬ ਦੀ ਸ਼ਹੀਦੀ ਸਮੇਂ ਬਾਲ ਗੋਬਿੰਦ ਰਾਏ, ਉਨ੍ਹਾਂ ਦਾ ਸਮੁੱਚਾ ਪਰਿਵਾਰ ਅਤੇ ਸੰਗਤ ਇੱਕ ਬਿਬਾਨ ਨੂੰ ਸਜਾ ਕੇ ਕੀਰਤਪੁਰ ਸਾਹਿਬ ਵਿਖੇ ਪੁੱਜੇ ਸਨ ਤੇ ਕੀਰਤਪੁਰ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲਿਜਾਇਆ ਗਿਆ ਤੇ ਉਥੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ ਜਿਸ ਅਸਥਾਨ ਤੇ ਗੁਰੂ ਸਾਹਿਬ ਦੇ ਸੀਸ ਦਾ ਸਸਕਾਰ ਕੀਤਾ ਗਿਆ ਉਸ ਅਸਥਾਨ ਤੇ ਮੌਜੂਦਾ ਸਮੇਂ ਵਿੱਚ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਸ਼ਸ਼ੋਬਿਤ ਹੈ।