Shaeedi sabha: ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਗੁਰਮਤਿ ਸਮਾਗਮ ’ਚ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸ਼ਹੀਦਾਂ ਦੀ ਉਹ ਧਰਤੀ ਹੈ, ਜਿਸ ਨੇ ਮੁਗਲ ਸਾਮਰਾਜ ਦੇ ਖਾਤਮੇ ਦੀ ਇਬਾਰਤ ਲਿਖੀ।
ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਨੇ ਜਬਰ ਦਾ ਟਾਕਰਾ ਸਬਰ ਨਾਲ ਕਰਦਿਆਂ ਸ਼ਹਾਦਤਾਂ ਦੇ ਕੇ ਸਿੱਖਾਂ ਅੰਦਰ ਜੁਲਮ ਖਿਲਾਫ਼ ਲੜਨ ਦੀ ਚਿਣਗ ਜਗਾਈ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਦਾ ਫ਼ਰਜ਼ ਬਣਦਾ ਹੈ ਕਿ ਆਪਣੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਗੁਰਮਤਿ ਦੇ ਵਿਲੱਖਣ ਸਿਧਾਂਤ ਦਿੱਤੇ ਹਨ, ਪਰੰਤੂ ਕੁਝ ਲੋਕਾਂ ਵੱਲੋਂ ਗੁਰਮਤਿ ਫਲਸਫੇ ਤੋਂ ਪਾਸੇ ਜਾ ਕੇ ਸਿੱਖਾਂ ਨੂੰ ਗੁਮਰਾਹ ਕਰਨ ਦੇ ਯਤਨ ਹੋ ਰਹੇ ਹਨ। ਉਨ੍ਹਾਂ ਸ਼ਹੀਦੀ ਸਮਾਗਮ ਸਮੇਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਖ-ਵੱਖ ਸੇਵਾਵਾਂ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਲਾਸਾਨੀ ਵਿਰਸੇ ਦੀ ਵਾਰਸ ਹੈ ਅਤੇ ਕੌਮ ਦੇ ਇਤਿਹਾਸ ਅੰਦਰ ਸ਼ਹਾਦਤਾਂ ਦੀ ਲੰਮੀ ਲੜੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਨੇ ਆਪਣੀਆਂ ਸ਼ਹਾਦਤਾਂ ਦੇ ਕੇ ਸਿੱਖ ਕੌਮ ਦੇ ਮਹਿਲ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਸ਼ਹਾਦਤਾਂ ਮਾਤਮ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹਨ ਜਿਸ ਤੋਂ ਅਜੋਕੀ ਨੌਜੁਆਨੀ ਨੂੰ ਵਾਕਫ ਕਰਵਾਉਣ ਦੀ ਵੱਡੀ ਲੋੜ ਹੈ।
ਉਨ੍ਹਾਂ ਸਮੂਹ ਸਿੱਖ ਪੰਥ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕਜੁਟ ਕੇ ਯਤਨ ਕਰਨ ਦੀ ਅਪੀਲ ਵੀ ਕੀਤੀ। ਇਸ ਸਮੇਂ ਸਟੇਜ ਦੀ ਸੇਵਾ ਨਿਭਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਭਾਵੁਕ ਪਲਾਂ ਨੂੰ ਸੰਗਤ ਨਾਲ ਸਾਂਝਾ ਕਰਦੇ ਹੋਏ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸੇਵਾ ਕਰਦਿਆਂ ਸ਼ਹੀਦ ਹੋਣ ਵਾਲੇ ਹੋਰ ਸ਼ਹੀਦਾਂ ਨੂੰ ਵੀ ਯਾਦ ਕੀਤਾ।