ਅੰਮ੍ਰਿਤਸਰ: ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਦੀ ਪ੍ਰੇਰਣਾ ਦਿੱਤੀ ਤੇ ਸਿੱਖ ਸੰਸਥਾਵਾਂ ਖਿਲਾਫ਼ ਜਾਣਬੁੱਝ ਕੇ ਪ੍ਰਚਾਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ।

ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤੇ ਗਏ ਸੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬੁਲੰਦ ਹੁੰਦੀ ਰਹੀ ਹੈ ਤੇ ਇਸ ਸਰਵਉੱਚ ਅਸਥਾਨ ਨੇ ਸਿੱਖ ਕੌਮ ਨੂੰ ਸਦਾ ਚਾਨਣ-ਮੁਨਾਰੇ ਵਜੋਂ ਅਗਵਾਈ ਦਿੱਤੀ ਹੈ। ਇਸੇ ਕਾਰਨ ਹੀ ਸਮੇਂ ਸਮੇਂ ’ਤੇ ਹਕੂਮਤਾਂ ਵੱਲੋਂ ਇਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ, ਪਰ ਕਠਿਨਾਈਆਂ ਦੇ ਦੌਰ ਵਿਚ ਵੀ ਇਸ ਦੀ ਆਭਾ ਹੋਰ ਚਮਕੀ ਤੇ ਕੌਮ ਹੋਰ ਬੁਲੰਦ ਹੋਈ।

ਉਨ੍ਹਾਂ ਕਿਹਾ ਕਿ ਅੱਜ ਕੌਮ ਦੀਆਂ ਇਨ੍ਹਾਂ ਮਹਾਨ ਸੰਸਥਾਵਾਂ ਵਿਰੁੱਧ ਹਮਲੇ ਨੇ ਨਵਾਂ ਰੂਪ ਅਖ਼ਤਿਆਰ ਕਰ ਲਿਆ ਹੈ, ਜਿਸ ਤਹਿਤ ਵਿਰੋਧੀ ਸ਼ਕਤੀਆਂ ਹਰ ਛੋਟੀ ਛੋਟੀ ਗੱਲ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕਰਕੇ ਸੰਸਥਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਪਣੀਆਂ ਮਹਾਨ ਸੰਸਥਾਵਾਂ ਪ੍ਰਤੀ ਸਮਰਪਿਤ ਭਾਵਨਾ ਰੱਖਣੀ ਚਾਹੀਦੀ ਹੈ ਤੇ ਵਿਰੋਧੀ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀਆਂ ਮਹਾਨ ਰਵਾਇਤਾਂ ਤੇ ਕੀਤੇ ਜਾਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ’ਤੇ ਉਭਾਰਨ ਲਈ ਸਿੱਖ ਸੰਗਤਾਂ ਅੱਗੇ ਆਉਣ ਅਤੇ ਨਕਾਰਾਤਮਕ ਪ੍ਰਚਾਰ ਦਾ ਜਵਾਬ ਦੇਣ। ਉਨ੍ਹਾਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਪਹਿਲੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਕਰਵਾਏ ਜਾ ਰਹੇ ਸਮਾਗਮ ਨੂੰ ਸਿੱਖ ਨੌਜੁਆਨੀ ਅੰਦਰ ਕੌਮ ’ਤੇ ਹੋਏ ਜ਼ੁਲਮਾਂ ਦੀ ਦਾਸਤਾਨ ਪ੍ਰਤੀ ਚੇਤੰਨ ਕਰਨ ਲਈ ਇਕ ਚੰਗਾ ਕਦਮ ਦੱਸਿਆ ਅਤੇ ਇਸ ਸਮਾਗਮ ਵਿਚ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ।