67th National School Games: ਪੰਜਾਬ ਦੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਵਿਕਸਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਤੋਂ ਲੈ ਕੇ ਮੰਚ ਤੱਕ ਲਿਆਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ।
ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਦਾ ਉਦਘਾਟਨ ਕਰਨ ਉਪਰੰਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲਾ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ ਪਰ ਸਮੇਂ ਦੀ ਲੋੜ ਹੈ ਕਿ ਖਿਡਾਰੀਆਂ ਨੂੰ ਬਿਹਤਰੀਨ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰਾਂ ਵਿੱਚ ਖੇਡ ਹੁਨਰ ਨੂੰ ਤਲਾਸ਼ਣ ਅਤੇ ਪਾਲਣ ਪੋਸ਼ਣ ਕਰਕੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਬਣਾਉਣ ਲਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਹ ਖੇਡਾਂ ਅਜਿਹੇ ਖਿਡਾਰੀ ਤਿਆਰ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਨਾਲ ਸੂਬੇ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਵੀ ਖ਼ਤਮ ਕੀਤਾ ਜਾ ਸਕੇਗਾ।
ਜ਼ਿਲ੍ਹੇ ਭਰ ਵਿੱਚ 11 ਜਨਵਰੀ ਤੱਕ ਇਹ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਉਭਰਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਲਈ ਇਹ ਖੇਡਾਂ ਸਹਾਈ ਹੋਣਗੀਆਂ।
ਇਹ ਵੀ ਪੜ੍ਹੋ:AAP ਨੇਤਾ ਸੰਜੇ ਸਿੰਘ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ! ਹੁਣ ਬਾਹਰ ਆ ਕੇ ਭਰ ਸਕਦੇ ਨੇ ਰਾਜ ਸਭਾ ਲਈ ਨਾਮਜ਼ਦਗੀ
ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਾਨ ਅਤੇ ਸਿੱਖਿਆ ਵਿਭਾਗ ਦੁਆਰਾ ਖੇਡਾਂ ਦੌਰਾਨ ਖਿਡਾਰੀਆਂ ਦੀ ਰਿਹਾਇਸ਼, ਆਵਾਜਾਈ, ਮੈਡੀਕਲ ਟੀਮਾਂ, ਸੁਰੱਖਿਆ ਆਦਿ ਲਈ ਲੋੜੀਂਦੇ ਪ੍ਰਬੰਧ ਕਰਨ ਦੀ ਵੀ ਸ਼ਲਾਘਾ ਕੀਤੀ ਗਈ।
ਦੇਸ਼ ਦੇ 26 ਰਾਜਾਂ ਤੋਂ 887 ਖਿਡਾਰੀ ਇਨ੍ਹਾਂ ਮੈਚਾਂ ਵਿੱਚ ਭਾਗ ਲੈ ਰਹੇ ਹਨ ਅਤੇ ਇਹ ਮੈਚ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਪੀ.ਏ.ਪੀ., ਬੀ.ਐਸ.ਐਫ., ਲਾਇਲਪੁਰ ਖਾਲਸਾ ਕਾਲਜ ਅਤੇ ਦੁਆਬਾ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਡਾਇਰੈਕਟਰ ਸਕੂਲ ਗੇਮਜ਼ ਸੰਜੇ ਗੌਤਮ, ਡੀ.ਈ.ਓ. ਡਾ. ਕੁਲਤਰਨਜੀਤ ਸਿੰਘ, ਡਿਪਟੀ ਡੀ.ਈ.ਓ.ਰਾਜੀਵ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: Aditya L1: ਆਦਿਤਿਆ ਐਲ1 ਨੇ ਸੂਰਜ ਦਾ ਖੜਕਾਇਆ ਦਰਵਾਜ਼ਾ, PM ਮੋਦੀ ਨੇ ਇਤਿਹਾਸ ਰਚਣ ਲਈ ਇਸਰੋ ਨੂੰ ਦਿੱਤੀ ਵਧਾਈ