Indian Cricket Team Player At IGI Airport: ਟੀ-20 ਵਿਸ਼ਵ ਕੱਪ ਜੇਤੂ ਭਾਰਤੀ ਕ੍ਰਿਕਟ ਟੀਮ ਵੀਰਵਾਰ ਨੂੰ ਦਿੱਲੀ ਪਹੁੰਚ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਭਾਰਤੀ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਭਾਰਤੀ ਟੀਮ ਦੇ ਖਿਡਾਰੀ ਬਾਰਬਾਡੋਸ ਤੋਂ ਦਿੱਲੀ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ ਖਰਾਬ ਮੌਸਮ ਕਰਕੇ ਬਾਰਬਾਡੋਸ 'ਚ ਫਸ ਗਈ ਸੀ। ਪਹਿਲਾਂ ਤੈਅ ਪ੍ਰੋਗਰਾਮ ਮੁਤਾਬਕ ਇਨ੍ਹਾਂ ਖਿਡਾਰੀਆਂ ਨੇ ਸੋਮਵਾਰ ਨੂੰ ਨਿਊਯਾਰਕ ਤੋਂ ਰਵਾਨਾ ਹੋਣਾ ਸੀ ਪਰ ਖਰਾਬ ਮੌਸਮ ਕਰਕੇ ਖਿਡਾਰੀ ਬਾਰਬਾਡੋਸ 'ਚ ਹੀ ਫਸੇ ਰਹੇ। 


ਇਸ ਵੇਲੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਸੁਰੱਖਿਆ ਦੇ ਠੋਸ ਪ੍ਰਬੰਧ ਕੀਤੇ ਗਏ ਹਨ। ਕ੍ਰਿਕਟ ਪ੍ਰਸ਼ੰਸਕਾਂ ਦੇ ਹੱਥਾਂ ਵਿੱਚ ਤਿਰੰਗਾ ਹੈ ਅਤੇ ਉਹ ਲਗਾਤਾਰ ਇੰਡੀਆ-ਇੰਡੀਆ ਦੇ ਨਾਅਰੇ ਲਗਾ ਰਹੇ ਹਨ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਤੋਂ ਇਲਾਵਾ ਵਿਰਾਟ ਕੋਹਲੀ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ ਅਤੇ ਸ਼ਿਵਮ ਦੁਬੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰ ਲਗਾਤਾਰ ਵੀਡੀਓ 'ਤੇ ਕਮੈਂਟ ਕਰ ਰਹੇ ਹਨ।


ਦੱਸ ਦਈਏ ਕਿ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾਇਆ ਸੀ। ਇਸ ਤਰ੍ਹਾਂ ਭਾਰਤੀ ਟੀਮ ਨੇ 17 ਸਾਲ ਬਾਅਦ ਟੀ-20 ਵਿਸ਼ਵ ਕੱਪ ਜਿੱਤਿਆ। ਇਸ ਦੇ ਨਾਲ ਹੀ ਪਿਛਲੇ 11 ਸਾਲਾਂ ਤੋਂ ਆਈਸੀਸੀ ਟਰਾਫੀ ਨਾ ਜਿੱਤਣ ਦਾ ਸੋਕਾ ਵੀ ਖਤਮ ਹੋ ਗਿਆ। ਵਨਡੇ ਵਿਸ਼ਵ ਕੱਪ ਦੇ ਫਾਈਨਲ 'ਚ ਆਸਟ੍ਰੇਲੀਆ ਨੇ ਭਾਰਤ ਨੂੰ ਹਰਾਇਆ ਸੀ ਪਰ ਰੋਹਿਤ ਸ਼ਰਮਾ ਦੀ ਅਗਵਾਈ 'ਚ ਭਾਰਤੀ ਟੀਮ ਨੇ ਟੀ-20 ਵਿਸ਼ਵ ਕੱਪ ਜਿੱਤ ਕੇ ਪ੍ਰਸ਼ੰਸਕਾਂ ਨੂੰ ਝੂਮਣੇ 'ਤੇ ਮਜਬੂਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਭਾਰਤ ਨੇ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ 'ਚ ਟੀ-20 ਵਿਸ਼ਵ ਕੱਪ ਜਿੱਤਿਆ ਸੀ।