ਗਗਨਦੀਪ ਸ਼ਰਮਾ


ਡੇਰਾ ਬਾਬਾ ਨਾਨਕ: ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੁਕਾਬਲੇ ਅੱਜ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਕੌਮਾਂਤਰੀ ਸੀਮਾ ਨੇੜੇ ਸਥਿਤ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਕਰਵਾਏ ਗਏ। ਭਾਰਤ ਨੇ ਕੈਨੇਡਾ ਦੀ ਟੀਮ ਨੂੰ ਵੱਡੇ ਫਰਕ ਨਾਲ ਹਰਾ ਕੇ ਵਿਸ਼ਵ ਕਬੱਡੀ ਕੱਪ 'ਤੇ ਕਬਜ਼ਾ ਕੀਤਾ ਜਦਕਿ ਅਮਰੀਕਾ ਦੀ ਟੀਮ ਨੇ ਇੰਗਲੈਂਡ ਦੀ ਟੀਮ ਨੂੰ ਮਾਤ ਦਿੱਤੀ ਤੇ ਤੀਸਰੇ ਸਥਾਨ 'ਤੇ ਕਬਜ਼ਾ ਕੀਤਾ।

ਡੇਰਾ ਬਾਬਾ ਨਾਨਕ ਦੀ ਧਰਤੀ 'ਤੇ ਕਰਵਾਏ ਗਏ ਫਾਈਨਲ ਮੁਕਾਬਲਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਉਣ ਦੀ ਸੰਭਾਵਨਾ ਨੂੰ ਦੇਖਦੇ ਤਿਆਰੀਆਂ ਕੀਤੀਆਂ ਗਈਆਂ ਸਨ ਪਰ ਉਹ ਨਹੀਂ ਪਹੁੰਚੇ। ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਕਾਇਦਾ ਐਲਾਨ ਕੀਤਾ ਕਿ ਅੱਜ ਮੌਸਮ ਖਰਾਬ ਹੋਣ ਕਰਕੇ ਮੁੱਖ ਮੰਤਰੀ ਇੱਥੇ ਨਹੀਂ ਪੁੱਜ ਸਕਣਗੇ। ਡੇਰਾ ਬਾਬਾ ਨਾਨਕ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪੁੱਜੇ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਪਾਕਿਸਤਾਨ ਦੀ ਟੀਮ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਸੀ ਪਰ ਭਾਰਤ ਸਰਕਾਰ ਦੇ ਪੱਧਰ 'ਤੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਰਾਣਾ ਸੋਢੀ ਨੇ ਨਾਲ ਹੀ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਨੂੰ ਹਰ ਸਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਬੱਡੀ ਨੂੰ ਓਲੰਪਿਕ ਤੱਕ ਬਚਾਉਣ ਦੇ ਯਤਨ ਜਾਰੀ ਰਹਿਣਗੇ।