Women wrestlers sexual harassment case: ਦਿੱਲੀ ਪੁਲਿਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਐਫਆਈਆਰ ਦਰਜ ਕਰਨ ਤੋਂ ਪਹਿਲਾਂ ਕਿ ਮੁੱਢਲੀ ਜਾਂਚ ਦੀ ਲੋੜ ਹੈ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਪੀਐਸ ਨਰਸਿਮਹਾ ਦੇ ਬੈਂਚ ਕੋਲ ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇ ਸਿਖਰਲੀ ਅਦਾਲਤ ਨੂੰ ਲੱਗਦਾ ਹੈ ਕਿ ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਹੈ ਤਾਂ ਅਜਿਹਾ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ 28 ਅਪਰੈਲ ਨੂੰ ਪਹਿਲਵਾਨਾਂ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਲੀ ਪੁਲਿਸ ਆਪਣਾ ਪੱਖ ਰੱਖ ਸਕਦੀ ਹੈ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਪਹਿਲਵਾਨਾਂ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਦਿੱਲੀ ਪੁਲਿਸ ਤੇ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਵਿਨੇਸ਼ ਫੋਗਾਟ ਸਮੇਤ ਸੱਤ ਮਹਿਲਾ ਪਹਿਲਵਾਨਾਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿਚ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਗਈ ਸੀ।
ਉਧਰ, ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਖੇਡ ਮੰਤਰਾਲੇ ਵੱਲੋਂ ਗਠਿਤ ਜਾਂਚ ਕਮੇਟੀ ਤੋਂ ਰਿਪੋਰਟ ਮੰਗੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਡਬਲਿਊਐਫਆਈ ਪ੍ਰਧਾਨ ਖ਼ਿਲਾਫ਼ ਸੱਤ ਸ਼ਿਕਾਇਤਾਂ ਮਿਲੀਆਂ ਹਨ ਤੇ ਉਨ੍ਹਾਂ ਸਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਖ਼ਤਾ ਸਬੂਤ ਮਿਲਣ ਮਗਰੋਂ ਹੀ ਐਫਆਈਆਰ ਦਰਜ ਕੀਤੀ ਜਾਵੇਗੀ।
ਉਧਰ, ਦਿੱਲੀ ਮਹਿਲਾ ਕਮਿਸ਼ਨ ਨੇ ਵੀ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ’ਚ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਸੀ। ਉਨ੍ਹਾਂ 25 ਅਪਰੈਲ ਤੱਕ ਕਾਰਵਾਈ ਦੇ ਵੇਰਵੇ ਮੰਗੇ ਸੀ। ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪੁਲਿਸ ਨੇ ਇਸ ਮਾਮਲੇ ’ਚ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ।