ਚੰਡੀਗੜ੍ਹ: ਪੰਜਾਬ 'ਚ ਖੇਡਾਂ ਨੂੰ ਹੋਰ ਉਤਸਾਹਿਤ ਕਰਨ ਅਤੇ ਪੰਜਾਬ ਨੂੰ


ਰੰਗਲਾ ਪੰਜਾਬ ਬਣਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮਕਸਦ ਨਾਲ ਖੇਡ ਵਿਭਾਗ ਪੰਜਾਬ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ 29 ਅਗਸਤ 2022 ਨੂੰ  ਕਰਨਗੇ।


ਵਿਭਾਗ ਵੱਲੋਂ ਚਾਹਵਾਨ ਖਿਡਾਰੀਆਂ ਨੂੰ ਵੱਧ ਤੋਂ ਵੱਧ ਹਿੱਸਾ ਲੈਣ ਦੀ ਅਪੀਲ ਵੀ ਕੀਤੀ ਗਈ ਹੈ । ਜਿਸ ਲਈ 11 ਅਗਸਤ ਨੂੰ ਸੀਐੱਮ ਵੱਲੋਂ ਆਨਲਾਈਨ ਪੋਰਟਲ ਵੀ ਲਾਂਚ ਕੀਤਾ ਗਿਆ ਸੀ www.punjabkhedmela2022.in ਉੱਤੇ ਚਾਹਵਾਨ ਖਿਡਾਰੀ ਰਜਿਸਟ੍ਰੇਸ਼ਨ ਕਰਕੇ ਅਪਲਾਈ ਕਰ ਸਕਦੇ ਹਨ। 



ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਛੇ ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨ੍ਹਾਂ ਵਿੱਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਜਿੱਥੇ ਆਪੋ-ਆਪਣੀਆਂ ਖੇਡਾਂ ਵਿੱਚ ਗਰੇਡਿੰਗ ਕਰਵਾ ਸਕਣਗੇ। ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ।


ਖੇਡ ਮੇਲੇ ਵਿੱਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ। ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ ਵਿੱਚ ਕਵਰ ਹੋਣਗੇ। ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ।


 ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਹਨ। 


ਮੁੱਖ ਮੰਤਰੀ ਵੱਲੋਂ ਪੰਜਾਬ ਦੀ ਖੇਡਾਂ ਵਿੱਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in ਉਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪਹਿਲੀ ਵਾਰ ਪੰਜਾਬ ਵਿੱਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨ ਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ।