Bharti Kushti Association: ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਖੇਡ ਮੰਤਰਾਲੇ ਵੱਲੋਂ ਗਠਿਤ ਜਾਂਚ ਕਮੇਟੀ ਤੋਂ ਰਿਪੋਰਟ ਮੰਗੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਅੱਜ ਕਿਹਾ ਕਿ ਅਜੇ ਤੱਕ ਡਬਲਿਊਐੱਫਆਈ ਪ੍ਰਧਾਨ ਖ਼ਿਲਾਫ਼ ਸੱਤ ਸ਼ਿਕਾਇਤਾਂ ਮਿਲੀਆਂ ਹਨ ਤੇ ਉਨ੍ਹਾਂ ਸਾਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਖ਼ਤਾ ਸਬੂਤ ਮਿਲਣ ਮਗਰੋਂ ਹੀ ਐਫਆਈਆਰ ਦਰਜ ਕੀਤੀ ਜਾਵੇਗੀ।
ਉਧਰ, ਦਿੱਲੀ ਮਹਿਲਾ ਕਮਿਸ਼ਨ ਨੇ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਜਿਣਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਦੇ ਮਾਮਲੇ ’ਚ ਦਿੱਲੀ ਪੁਲਿਸ ਨੂੰ ਨੋਟਿਸ ਭੇਜਿਆ ਹੈ। ਉਨ੍ਹਾਂ 25 ਅਪਰੈਲ ਤੱਕ ਕਾਰਵਾਈ ਦੇ ਵੇਰਵੇ ਮੰਗੇ ਹਨ। ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਪੁਲਿਸ ਨੇ ਇਸ ਮਾਮਲੇ ’ਚ ਅਜੇ ਤੱਕ ਐੱਫਆਈਆਰ ਦਰਜ ਨਹੀਂ ਕੀਤੀ।
ਕਮੇਟੀ ਨੇ ਐਫਆਈਆਰ ਦਰਜ ਕਰਨ ’ਚ ਦੇਰੀ ਦੇ ਕਾਰਨਾਂ ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਦੇ ਵੇਰਵੇ ਮੰਗੇ ਹਨ। ਸ਼ਿਕਾਇਤਕਰਤਾ ਨੇ ਕਮਿਸ਼ਨ ਨੂੰ ਇਹ ਵੀ ਕਿਹਾ ਹੈ ਕਿ ਉਸ ਨੇ 21 ਅਪਰੈਲ ਨੂੰ ਕਨਾਟ ਪਲੇਸ ਪੁਲਿਸ ਥਾਣੇ ’ਚ ਸ਼ਿਕਾਇਤ ਦਿੱਤੀ ਸੀ ਪਰ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਸ ਨੇ ਜਦੋਂ ਪੁਲਿਸ ਥਾਣੇ ਦੇ ਐਸਐਚਓ ਤੋਂ ਸ਼ਿਕਾਇਤ ’ਤੇ ਕਾਰਵਾਈ ਬਾਰੇ ਜਾਣਕਾਰੀ ਮੰਗੀ ਤਾਂ ਉਸ ਨੂੰ ਦੱਸਿਆ ਗਿਆ ਕਿ ਕੋਈ ਐੱਫਆਈਆਰ ਅਜੇ ਦਰਜ ਨਹੀਂ ਕੀਤੀ ਗਈ ਹੈ ਅਤੇ ਸੋਮਵਾਰ ਨੂੰ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਤੇ ਜਾਂਚ ਜਾਰੀ ਹੈ ਪਰ ਇਸ ਮਾਮਲੇ ’ਚ ਅਜੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ । ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ ।