Asian Games 2023: ਸਿਫ਼ਤ ਕੌਰ ਸਮਰਾ ਨੇ ਗੋਲਡ 'ਤੇ ਆਸ਼ੀ ਨੇ ਜਿੱਤਿਆ ਬ੍ਰੌਨਜ਼ ਮੈਡਲ, ਫਰੀਦਕੋਟ ਦੀ ਨਿਸ਼ਾਨੇਬਾਜ਼ ਨੂੰ ਖੇਡ ਮੰਤਰੀ ਨੇ ਦਿੱਤੀ ਵਧਾਈ
Asian Games 2023 Women Shooting: ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ
Asian Games 2023 Women Shooting: ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ।
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਸਿਫ਼ਤ ਤੇ ਦੋਵੇਂ ਸਕੀਟ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਸਿਫ਼ਤ ਜਿਹੀਆਂ ਖਿਡਾਰਨਾਂ ਹੀ ਪੂਰਾ ਕਰਨਗੀਆਂ। ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ਵਿੱਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਿਫ਼ਤ ਦੀ ਇਹ ਪ੍ਰਾਪਤੀ ਪੰਜਾਬ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਖਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਨਿਸ਼ਾਨੇਬਾਜ਼ ਦੀ ਸਖ਼ਤ ਮਿਹਨਤ ਅਤੇ ਉਸ ਦੇ ਮਾਪਿਆਂ ਤੇ ਕੋਚਾਂ ਨੂੰ ਦਿੱਤਾ। ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਵਿੱਚ ਸਿਫ਼ਤ ਸਮਰਾ ਮਸ਼ਾਲ ਮਾਰਚ ਦਾ ਹਿੱਸਾ ਸੀ। ਏਸ਼ਿਆਈ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 8-8 ਲੱਖ ਰੁਪਏ ਦਾ ਚੈੱਕ ਸੌਂਪਿਆ ਸੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ 469.6 ਸਕੋਰ ਨਾਲ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਇਸੇ ਮੁਕਾਬਲੇ ਵਿੱਚ ਭਾਰਤ ਦੀ ਇੱਕ ਹੋਰ ਨਿਸ਼ਾਨੇਬਾਜ਼ ਨੇ ਆਸ਼ੀ ਚੌਕਸੀ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਸਿਫ਼ਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਕੀਟ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਟੀਮ ਦਾ ਹਿੱਸਾ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।