Punjab News: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ, ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਅਤੇ ਪੰਜਾਬ ਰਾਜ ਸਰਕਾਰਾਂ ਦੋਵਾਂ ਨੂੰ ਪ੍ਰਦੂਸ਼ਣ ਅਤੇ ਹਵਾ ਦੀ ਖ਼ਰਾਬ ਦੀ ਗੁਣਵੱਤਾ ਲਈ ਜ਼ਿੰਮੇਵਾਰ ਠਹਿਰਾਇਆ ਹੈ ।
ਬਾਜਵਾ ਨੇ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਆਪ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ਵਿੱਚ ਇਸ ਸਮੱਸਿਆ ਦੇ ਹੱਲ ਲਈ ਕੋਈ ਤਾਲਮੇਲ ਨਹੀਂ ਹੈ, ਜਿਸ ਕਰ ਕੇ ਦਿੱਲੀ ਦੇ ਲੋਕ ਇਸ ਵਾਤਾਵਰਨ ਸੰਕਟ ਨੂੰ ਝੱਲ ਰਹੇ ਹਨ ।
ਹਾਲਾਂਕਿ ਭਾਜਪਾ ਅਤੇ ‘ਆਪ’ ਦੋਵੇਂ ਸਰਕਾਰਾਂ ਇਹ ਸਾਬਤ ਕਰਨ ਲਈ ਓਵਰਟਾਈਮ ਕੰਮ ਕਰ ਰਹੀਆਂ ਹਨ ਕਿ ਦਿੱਲੀ, ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਅਤੇ ਆਸ ਪਾਸ ਦੇ ਖੇਤਰਾਂ ਵਿੱਚ ਹਵਾ ਪ੍ਰਦੂਸ਼ਣ ਦੇ ਮਾੜੇ ਹਵਾ ਗੁਣਵੱਤਾ ਸੂਚਕਾਂਕ (ਏਆਈਆਰ) ਲਈ ਮੁੱਖ ਤੌਰ ‘ਤੇ ਕਿਸਾਨ ਜ਼ਿੰਮੇਵਾਰ ਹਨ । ਉਨ੍ਹਾਂ ਕਿਹਾ ਹਰ ਰੋਜ਼ ਮੀਡੀਆ ਵੀ ਪੰਜਾਬ ਅਤੇ ਹੋਰ ਥਾਵਾਂ ‘ਤੇ ਪਰਾਲੀ ਸਾੜਨ ਦੇ ਮਾਮਲਿਆਂ ਬਾਰੇ ਰਿਪੋਰਟਾਂ ਨਸ਼ਰ ਕਰ ਰਿਹਾ ਹੈ ਜਿਵੇਂ ਕਿ ਹਵਾ ਦੀ ਮਾੜੀ ਗੁਣਵੱਤਾ ਲਈ ਕਿਸਾਨ ਹੀ ਜ਼ਿੰਮੇਵਾਰ ਹਨ ।
ਬਾਜਵਾ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਕੇਂਦਰ ਅਤੇ ‘ਆਪ’ ਸਰਕਾਰਾਂ ਸੁਪਰੀਮ ਕੋਰਟ ਦੇ ਫ਼ੈਸਲਿਆਂ ਦੀ ਪਾਲਨਾ ਕਰਨ ‘ਚ ਨਾਕਾਮ ਰਹੀਆਂ ਹਨ, ਜਿਸ ‘ਚ ਸਪਸ਼ਟ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ “ਮੈਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਨਾ ਕਰਨ ਵਿੱਚ ਪੂਰੀ ਤਰਾਂ ਅਸਫ਼ਲ ਕਿਉਂ ਰਹੇ ਹਨ ?”
ਬਾਜਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਸਪਸ਼ਟ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਨਾਲ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਰਫ਼ 4 ਤੋਂ 10 ਫ਼ੀਸਦੀ ਪ੍ਰਦੂਸ਼ਣ ਹੁੰਦਾ ਹੈ । ਸੁਪਰੀਮ ਕੋਰਟ ਨੇ ਕਿਹਾ ਕਿ ਬਾਕੀ ਪ੍ਰਦੂਸ਼ਣ ਦਿੱਲੀ ਵਿੱਚ ਵਾਹਨਾਂ ਅਤੇ ਉਦਯੋਗਿਕ ਪ੍ਰਦੂਸ਼ਣ ਕਾਰਨ ਹੋਇਆ ਹੈ। ਫਿਰ ਮੋਦੀ ਸਰਕਾਰ ਅਤੇ ਕੇਜਰੀਵਾਲ ਸਰਕਾਰ ਦੋਵੇਂ ਇਸ ‘ਤੇ ਚੁੱਪ ਕਿਉਂ ਹਨ?
ਬਾਜਵਾ ਨੇ ਕਿਹਾ ਕਿ ਕਿਸ ਗੱਲ ਨੇ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਦੇ ਕਿਸਾਨਾਂ ਨੂੰ 2500 ਪ੍ਰਤੀ ਏਕੜ ਪ੍ਰੋਤਸਾਹਨ ਦੇਣ ਤੋਂ ਮਨਾਂ ਕਰ ਦਿੱਤਾ ਹੈ । ਬਾਜਵਾ ਨੇ ਕਿਹਾ ਕਿ ਇੱਥੋਂ ਤੱਕ ਕਿ ਹਰਿਆਣਾ ਦੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੀ ਕਿਸਾਨਾਂ ਨੂੰ ਫ਼ਸਲਾਂ ਦੀ ਪਰਾਲੀ ਜਾਂ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਢੁਕਵਾਂ ਮੁਆਵਜ਼ਾ ਦੇਣ ਵਿੱਚ ਅਸਫ਼ਲ ਰਹਿਣ ਲਈ ਬਰਾਬਰ ਜ਼ਿੰਮੇਵਾਰ ਹੈ।
ਬਾਜਵਾ ਨੇ ਕਿਹਾ ਕਿ ਇਹ ਦੇਸ਼ ਦੇ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਕਿ ਉਹ ਦੁਨੀਆ ਵਿਚ ਸਾਹ ਲੈਣ ਅਤੇ ਜਿਉਂਦੇ ਰਹਿਣ ਲਈ ਸ਼ੁੱਧ ਅਤੇ ਮਿਆਰੀ ਆਕਸੀਜਨ ਪ੍ਰਾਪਤ ਕਰੇ । ਉਨ੍ਹਾਂ ਕਿਹਾ ਕਿ ਕੇਂਦਰ ਦੇ ਨਾਲ-ਨਾਲ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਆਮ ਆਦਮੀ ਲਈ ਸਾਹ ਲੈਣ ਵਾਲੀ ਹਵਾ ਨੂੰ ਯਕੀਨੀ ਬਣਾਉਣ ਵਿੱਚ ਨਾਕਾਮ ਰਹੀਆਂ ਹਨ। ਹਵਾ ਦੇ ਪ੍ਰਦੂਸ਼ਣ ਨਾਲ ਲੋਕ ਸਾਹ ਦੀਆਂ ਭਿਆਨਕ ਬਿਮਾਰੀਆਂ ਨਾਲ ਪੀੜਤ ਹੋ ਰਹੇ ਹਨ ਅਤੇ ਬੱਚੇ ਅਤੇ ਬਜ਼ੁਰਗ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ।