ਮੋਗਾ ਦੇ ਪਿੰਡ ਢੁੱਡੀਕੇ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਕੀ ਐਸਟਰੋਟਰਫ ਦਾ ਖੇਡ ਮੰਤਰੀ ਵੱਲੋਂ ਉਦਘਾਟਨ
ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ।
ਚੰਡੀਗੜ੍ਹ: ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ।
ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਅਤੇ ਜੂਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ। ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ। ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਸਪੋਰਟਸ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।