ਚੰਡੀਗੜ੍ਹ: ਅਧਿਕਾਰੀਆਂ ਦੇ ਕਿਸਾਨਾਂ ਨਾਲ ਨਜ਼ਦੀਕੀ ਅਤੇ ਨਿਰੰਤਰ ਰਾਬਤੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਬਾਗ਼ਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਸ਼ੁੱਕਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਰੇ ਬਲਾਕ ਅਧਿਕਾਰੀਆਂ ਦੇ ਸੰਪਰਕ ਨੰਬਰਾਂ ਦੀ ਸੂਚੀ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ 'ਤੇ ਕਿਸਾਨ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਸਕਣ।


ਬਾਗ਼ਬਾਨੀ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਅਤੇ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਫੌਜਾ ਸਿੰਘ ਸਰਾਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਰੇਸ਼ਮ ਦੀ ਖੇਤੀ ਬਾਰੇ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਸਹਿਯੋਗ ਦੇਣ ਤਾਂ ਜੋ ਕਿਸਾਨਾਂ ਨੂੰ ਰੇਸ਼ਮ ਦੇ ਕੀੜਿਆਂ ਦੇ ਉਤਪਾਦਨ ਅਤੇ ਪਾਲਣ ਪੋਸ਼ਣ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਬਾਗ਼ਬਾਨੀ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਵੀ ਕਿਹਾ।


ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਡਾਇਰੈਕਟਰ ਬਾਗ਼ਬਾਨੀ ਸ਼ੈਲੇਂਦਰ ਕੌਰ ਨੇ ਦੱਸਿਆ ਕਿ ਤਕਰੀਬਨ 2900 ਏਕੜ ਤੋਂ ਵੱਧ ਰਕਬੇ ਨੂੰ ਨਵੇਂ ਬਾਗ਼ਾਂ ਹੇਠ ਲਿਆਂਦਾ ਗਿਆ ਹੈ ਅਤੇ ਹੋਰ ਰਕਬੇ ਨੂੰ ਬਾਗ਼ਾਂ ਅਧੀਨ ਲਿਆਉਣ ਵੀ ਲਈ ਠੋਸ ਯਤਨ ਕੀਤੇ ਜਾ ਰਹੇ ਹਨ।
ਇਸ ਤੋਂ ਇਲਾਵਾ ਸੂਬੇ ਵਿੱਚ ਮਧੂ ਮੱਖੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 11000 ਮਧੂ ਮੱਖੀ ਦੇ ਡੱਬੇ ਖਰੀਦਣ ਦੇ ਨਾਲ-ਨਾਲ ਸੀਮਾਂਤ, ਪਾਣੀ ਦੀ ਘਾਟ ਵਾਲੇ ਖੇਤਰਾਂ ਵਿੱਚ ਛੋਟੇ ਪਲਾਟਾਂ, ਜਿੱਥੇ ਰਿਵਾਇਤੀ ਖੇਤੀ ਲਾਹੇਵੰਦ ਨਹੀਂ ਹੈ , ’ਤੇ ਵੱਧ ਲਾਭ ਵਾਲੀਆਂ ਫ਼ਸਲਾਂ ਦੀ ਕਾਸ਼ਤ ਲਈ ਲਗਭਗ 90 ਸੁਰੱਖਿਅਤ ਢਾਂਚੇ ਵਿਕਸਿਤ ਕਰਨ ਲਈ ਵਰਕ ਆਰਡਰ ਜਾਰੀ ਕੀਤੇ ਗਏ ਹਨ।


ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਐਮ.ਆਈ.ਡੀ.ਐਚ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਹਾਰਵੈਸਟ ਮੈਨੇਜਮੈਂਟ ਤਹਿਤ ਕੋਲਡ ਸਟੋਰ, ਕੋਲਡ ਸਟੋਰ ’ਤੇ ਸੋਲਰ ਪੈਨਲ ਅਤੇ ਰਾਈਪਨਿੰਗ ਚੈਂਬਰ ਦੇ 100 ਯੂਨਿਟ ਬਣਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ 408 ਕਰੋੜ ਰੁਪਏ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਤਹਿਤ ਲਗਭਗ 2000 ਕਰੋੜ ਰੁਪਏ ਦੇ ਨਿਵੇਸ਼ ਪ੍ਰਾਪਤ ਹੋਏ ਹਨ।