ਜਥੇਦਾਰ ਦੀ ਨਿਯੁਕਤੀ 'ਤੇ ਹੰਗਾਮਾ, ਜਥੇਦਾਰ ਰੋਡੇ ਨੇ ਕੀਤਾ ਵੱਡਾ ਐਲਾਨ
ਸੀਨੀਅਰ ਲੀਡਰ ਬਿਕਰਮ ਮਜੀਠੀਆ ਵੱਲੋਂ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ ਕਰਨ ਮਗਰੋਂ ਅਕਾਲੀ ਦਲ ਦਾ ਕਲੇਸ਼ ਵਧ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮਜੀਠੀਆ ਉਪਰ ਤਿੱਖਾ ਹਮਲਾ ਬੋਲਿਆ ਹੈ। ਭੂੰਦੜ ਨੇ ਕਿਹਾ ਹੈ ਕਿ ਮਜੀਠੀਆ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮਜੀਠੀਆ ਤੋਂ ਇਹ ਆਸ ਨਹੀਂ ਸੀ।
ਭੂੰਦੜ ਨੇ ਬਿਆਨ ਜਾਰੀ ਕਰਕੇ ਕਿਹਾ ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਬਿਕਰਮ ਮਜੀਠੀਆ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕ ਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸ ਦੇ ਪੜਦਾਦਾ ਸੁੰਦਰ ਸਿੰਘ ਮਜੀਠੀਆ ਬਣੇ ਸਨ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈ ਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਅਦ ਹੀ ਲਿਆ ਗਿਆ ਹੈ। ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ, ਉਸ ਲਈ ਕੌਣ ਕੌਣ ਜਿੰਮੇਵਾਰ ਹੈ, ਉਸ ਬਾਰੇ ਬਿਕਰਮ ਮਜੀਠੀਆ ਚੰਗੀ ਤਰਾਂ ਜਾਣਦੇ ਹਨ।