ਲੈਂਡ ਪੂਲਿੰਗ ਪਾਲਿਸੀ ਪਿੱਛੇ ਕਿਹੜੀ ਸਾਜਿਸ਼ ?
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਲੈਂਡ ਪੂਲਿੰਗ ਨੀਤੀ ਤਿਆਰ ਕੀਤੀ ਸੀ, ਪਰ ਜਦੋਂ ਕਿਸਾਨਾਂ ਨੂੰ ਨੀਤੀ ਪਸੰਦ ਨਹੀਂ ਆਈ ਤਾਂ ਉਸ ਨੂੰ ਲਾਗੂ ਨਹੀਂ ਕੀਤਾ ਜਾਵੇਗਾ।
ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।
ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।






















