Shambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Shambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਕੇਂਦਰ ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਭਿਆਨਕ ਕਦਮ ਚੁੱਕਣ ਲੱਗੇ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾਸ ਨਿਗਲ ਲਿਆ। ਕਿਸਾਨ ਰੇਸ਼ਮ ਸਿੰਘ (55) ਤਰਨ ਤਾਰਨ ਜ਼ਿਲ੍ਹੇ ਦੇ ਪਹੂਵਿੰਡ ਪਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸੀ ਕਿ ਸ਼ੰਭੂ ਤੇ ਖਨੌਰੀ ਸਰਹੱਦਾਂ 'ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। ਹਾਸਲ ਜਾਣਕਾਰੀ ਮੁਤਾਬਕ ਇਸ ਵੇਲੇ ਕਿਸਾਨ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਰੇਸ਼ਮ ਸਿੰਘ ਨੇ ਸਵੇਰੇ ਲੰਗਰ ਵਾਲੀ ਥਾਂ ਦੇ ਨੇੜੇ ਸਲਫਾਸ ਖਾਧੀ। ਜਿਵੇਂ ਹੀ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ, ਉਸ ਨੂੰ ਤੁਰੰਤ ਮੌਕੇ 'ਤੇ ਹੀ ਮੁੱਢਲੀ ਸਹਾਇਤਾ ਦਿੱਤੀ ਗਈ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫਾਸ ਨਿਗਲ ਲਿਆ ਸੀ। ਉਸ ਦਿਨ ਉਹ ਗੁੱਸੇ ਵਿੱਚ ਸੀ ਕਿਉਂਕਿ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇਸ ਤੋਂ ਲਗਪਗ 4 ਦਿਨਾਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਕਿਸਾਨ ਲੀਡਰ ਡੱਲੇਵਾਲ ਦੀ ਹਾਲਤ ਨਾਜ਼ੁਕ ਪੰਜਾਬ ਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੁਕ ਹੋ ਗਈ ਹੈ। ਅੱਜ ਉਨ੍ਹਾਂ ਦੇ ਵਰਤ ਦਾ 45ਵਾਂ ਦਿਨ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ (ਬੀਪੀ) ਲਗਾਤਾਰ ਡਿੱਗ ਰਿਹਾ ਹੈ। ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਅਜਿਹੀ ਸਥਿਤੀ ਵਿੱਚ ਹੁਣ ਉਹ ਕਿਸੇ ਨੂੰ ਵੀ ਨਹੀਂ ਮਿਲਣਗੇ। ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਡਾਕਟਰਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਲੱਤਾਂ ਸਿੱਧੀਆਂ ਰੱਖੀਆਂ ਜਾਂਦੀਆਂ ਹਨ ਤਾਂ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਜਾਂਦਾ ਹੈ। ਬਲੱਡ ਪ੍ਰੈਸ਼ਰ ਨੂੰ ਥੋੜ੍ਹਾ ਸਥਿਰ ਕਰਨ ਲਈ ਉਨ੍ਹਾਂ ਦੀਆਂ ਲੱਤਾਂ ਨੂੰ ਉੱਚਾ ਰੱਖਣਾ ਪੈ ਰਿਹਾ ਹੈ। ਉਨ੍ਹਾਂ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ। ਬੁੱਧਵਾਰ ਨੂੰ ਉਹ ਪੂਰਾ ਦਿਨ ਆਪਣੀ ਟਰਾਲੀ ਵਿੱਚ ਹੀ ਰਹੇ। ਉਨ੍ਹਾਂ ਨੇ ਆਪਣੇ ਨਜ਼ਦੀਕੀ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਰਾਹੀਂ ਸੁਨੇਹਾ ਦਿੱਤਾ ਹੈ ਕਿ ਉਨ੍ਹਾਂ ਦੇ ਮਰਨ ਤੋਂ ਬਾਅਦ ਵੀ ਮਰਨ ਵਰਤ ਦੇ ਰੂਪ ’ਚ ਇਹ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ।