ਪੰਜਾਬੀ ਗੀਤਕਾਰ ਜਾਨੀ ਨੂੰ ਜਾਨੋਂ ਮਾਰਨ ਦੀ ਧਮਕੀ, ਸੀਐਮ ਮਾਨ ਤੋਂ ਮੰਗੀ ਸੁਰੱਖਿਆ
ਪੰਜਾਬ `ਚ ਸ਼ਰਾਰਤੀ ਅਨਸਰਾਂ ਦੇ ਹੌਸਲੇ ਬੁਲੰਦ ਨਜ਼ਰ ਆ ਰਹੇ ਹਨ। ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਸੂਬੇ `ਚ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਨ੍ਹਾਂ ਵਿਚ ਕਈ ਸਿਆਸਤਦਾਨ ਤੇ ਪਾਲੀਵੁੱਡ ਕਲਾਕਾਰ ਸ਼ਾਮਲ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬ ਛੱਡ ਚਲੇ ਗਏ ਸੀ। ਹੁਣ ਮਸ਼ਹੂਰ ਪੰਜਾਬੀ ਗੀਤਕਾਰ ਜਾਨੀ ਨੇ ਵੀ ਪੰਜਾਬ ਛੱਡ ਦਿੱਤਾ ਹੈ। ਗੀਤਕਾਰ ਦਾ ਕਹਿਣੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਉਹ ਪੰਜਾਬ ਛੱਡ ਰਹੇ ਹਨ। ਇਸ ਸਬੰਧੀ ਜਾਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਧਮਕੀਆਂ ਮਿਲ ਰਹੀਆਂ ਹਨ।






















